ਪਾਲ ਸਿੰਘ ਨੌਲੀ
ਜਲੰਧਰ, 17 ਅਗਸਤ
ਪੰਜਾਬ ਵਿੱਚ ਗੰਨੇ ਦਾ ਭਾਅ ਘੱਟ ਮਿਲਣ ਕਾਰਨ ਅਤੇ ਪਿਛਲੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਵਿਰੁੱਧ ਕਿਸਾਨ ਜਥੇਬੰਦੀਆਂ 20 ਅਗਸਤ ਨੂੰ ਧੰਨੋਵਾਲੀ ਨੇੜੇ ਕੌਮੀ ਹਾਈਵੇਅ ਅਤੇ ਰੇਲ ਮਾਰਗ ਜਾਮ ਕਰਨਗੀਆਂ।
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਖੰਡ ਮਿੱਲਾਂ ਵੱਲ ਕਿਸਾਨਾਂ ਦਾ 200 ਕਰੋੜ ਰੁਪਏ ਬਕਾਇਆ ਖੜ੍ਹਾ ਹੈ, ਜਿਸ ਦਾ ਅਜੇ ਤੱਕ ਭੁਗਤਾਨ ਨਹੀਂ ਕੀਤਾ ਗਿਆ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕੈਪਟਨ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਗੰਨੇ ਦਾ ਭਾਅ ਇੱਕ ਰੁਪਇਆ ਵੀ ਨਹੀਂ ਵਧਾਇਆ ਜਦਕਿ ਗੁਆਂਢੀ ਸੂਬੇ ਹਰਿਆਣਾ ਨੇ ਪਿਛਲੇ ਸਾਲ ਦੇ ਗੰਨੇ ਦੇ ਭਾਅ 350 ਵਿੱਚ 8 ਰੁਪਏ ਵਾਧਾ ਕਰ ਕੇ 358 ਰੁਪਏ ਕਰ ਦਿੱਤਾ ਹੈ। ਇਸ ਤਰ੍ਹਾਂ ਹਰਿਆਣਾ ਸਰਕਾਰ ਪੰਜਾਬ ਦੇ ਮੁਕਾਬਲੇ ਆਪਣੇ ਕਿਸਾਨਾਂ ਨੂੰ ਗੰਨੇ ਦਾ ਭਾਅ 48 ਰੁਪਏ ਵੱਧ ਦੇ ਰਹੀ ਹੈ।
ਕਿਸਾਨ ਆਗੂ ਗੁਰਮਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੇ ਭਾਅ ਵਿੱਚ 90 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧਾ ਕੀਤਾ ਜਾਵੇ। ਉਨ੍ਹਾਂ ਸਵਾਮੀਨਾਥਨ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੰਨੇ ਦਾ ਭਾਅ 588 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ ਜਦਕਿ ਕਿਸਾਨ ਸਿਰਫ਼ 400 ਰੁਪਏ ਪ੍ਰਤੀ ਕੁਇੰਟਲ ਦੀ ਹੀ ਮੰਗ ਕਰ ਰਹੇ ਹਨ।