ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਅਗਸਤ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਅੰਗਰੇਜ ਸਿੰਘ ਮਾਝੀ, ਮੱਖਣ ਸਿੰਘ, ਰਾਮ ਸਿੰਘ, ਲਖਵਿੰਦਰ ਸਿੰਘ ਲੱਖਾ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 2 ਸਤੰਬਰ ਨੂੰ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਿੰਘੂ ਬਾਰਡਰ ਪਹੁੰਚਣਗੇ। ਧਰਨੇ ਵਿੱਚ ਲੋਕ ਕਵੀ ਮੇਵਾ ਸਿੰਘ ਕਾਲਾਝਾੜ ਦੀ ਮੌਤ ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ ਧਰਨੇ ਦਿੱਤੇ ਗਏ।
ਧੂਰੀ(ਹਰਦੀਪ ਸਿੰਘ ਸੋਢੀ):ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 330ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦਮ ਲੈਣਗੇ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਪੇਧਨੀ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ , ਹਰਬੰਸ ਸਿੰਘ ਸੋਢੀ, ਕਰਮਜੀਤ ਸਿੰਘ ਪੇਧਨੀ, ਗੁਰਜੀਤ ਸਿੰਘ ਲੱਡਾ ਹਾਜ਼ਰ ਸਨ।