ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਜਨਵਰੀ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੌਲ ਪੰਪ ਬਾਲਦ ਕਲਾਂ ਵਿਖੇ 102ਵੇਂ ਦਿਨ ਧਰਨੇ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੌਲ ਪੰਪ ਬਾਲਦ ਕਲਾਂ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲਖੇਵਾਲ, ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਕੁਲਵੀਰ ਸਿੰਘ ਗੱਗੜਪੁਰ ਅਤੇ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਤਰ੍ਹਾਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿਖੇ ਮੇਜਰ ਸਿੰਘ ਬਾਲਦ ਕਲਾਂ, ਭਰਪੂਰ ਸਿੰਘ, ਬਘੇਲ ਸਿੰਘ ਮਾਝੀ, ਹਾਕਮ ਸਿੰਘ, ਲਾਭ ਸਿੰਘ, ਕੁਲਵਿੰਦਰ ਬੇਗਮ ਭੜੋ, ਕੁਲਵਿੰਦਰ ਕੌਰ ਨਕਟੇ ਨੇ ਮੋਦੀ ਸਰਕਾਰ ਨਾਅਰੇਬਾਜ਼ੀ ਕੀਤੀ।
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 102ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਆਗੂਆ ਨੇ ਕਿਹਾ ਕਿ ਮੋਦੀ ਸਰਕਾਰ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਘਰ-ਘਰ ਲੈ ਕੇ ਜਾਣ ਵਾਸਤੇ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। 13 ਜਨਵਰੀ ਲੋਹੜੀ ਵਾਲੇ ਦਿਨ ਸ਼ਾਮ ਨੂੰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 18 ਜਨਵਰੀ ਨੂੰ ਮਹਿਲਾ ਦਿਵਸ ਮਨਾਉਣ ਦੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਉੱਪਰ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਹਮੀਰ ਸਿੰਘ,ਰਾਮ ਸਿੰਘ ਕੱਕੜਵਾਲ, ਅਵਤਾਰ ਸਿੰਘ, ਗੁਰਮੀਤ ਕੌਰ, ਮਹਿੰਦਰ ਸਿੰਘ, ਸਿਮਰਨਪ੍ਰੀਤ ਕੌਰ ਤੇ ਬਲਜੀਤ ਕੌਰ ਹਾਜ਼ਰ ਸਨ।