ਪੱਤਰ ਪ੍ਰੇਰਕ
ਸਮਾਣਾ, 26 ਦਸੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਇੱਕ ਮੀਟਿੰਗ ਗੁਰਦੁਆਰਾ ਇਸਰਸਰ ਪਿੰਡ ਢੈਂਠਲ ਵਿੱਚ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਬਹੁਗਿਣਤੀ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸਾਨ ਚੋਣਾਂ ਜਿੱਤ ਕੇ ਜਾਂ ਮੰਤਰੀ ਮੰਡਲ ਵਿੱਚ ਹਿੱਸਾ ਲੈ ਕੇ ਮਸਲਿਆਂ ਦਾ ਹੱਲ ਨਹੀਂ ਕਰ ਸਕਦੇ, ਮਸਲਿਆਂ ਦਾ ਹੱਲ ਤਾਂ ਅੰਦੋਲਨ ਰਾਹੀਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਲੜਨ ਦਾ ਵਿਚਾਰ ਛੱਡ ਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਾਉਣ ਲਈ ਅੰਦੋਲਨਕਾਰੀਆਂ ਨੂੰ ਲਾਮਬੰਦ ਕਰਨ।
ਚੋਣਾਂ ਤੋਂ ਦੂਰ ਰਹੇਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਗ ਨਹੀਂ ਲਵੇਗੀ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਖਿਆ ਕਿ ਜਥੇਬੰਦੀ ਆਪਣੀ ਹੋਂਦ ਦੇ 20 ਸਾਲਾਂ ਦੇ ਇਤਿਹਾਸ ਵਿੱਚ ਚੋਣਾਂ ਤੋਂ ਦੂਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਚੋਣਾਂ ਦੇ ਸਿਸਟਮ ਵਿੱਚ ਭਰੋਸਾ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਕੋਈ ਆਗੂ ਜਾਂ ਅਹੁਦੇਦਾਰ ਨਾ ਚੋਣਾਂ ਲੜਦਾ ਸਕਦਾ ਹੈ ਅਤੇ ਨਾ ਹੀ ਉਹ ਕਿਸੇ ਸਿਆਸੀ ਧਿਰ ਦੀ ਹਮਾਇਤ ਕਰਦਾ ਹੈ।