ਪਾਲ ਸਿੰਘ ਨੌਲੀ
ਜਲੰਧਰ, 17 ਅਪਰੈਲ
ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਿਰੁੱਧ ਭਾਜਪਾ ਵੱਲੋਂ ਵਿੱਢੀ ਪ੍ਰਚਾਰ ਮੁਹਿੰਮ ਖ਼ਿਲਾਫ਼ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਇੱਕਜੁਟ ਅਤੇ ਇੱਕਸੁਰ ਹੁੰਦਿਆਂ ਆਖਿਆ ਕਿ ਭਾਜਪਾ ਸਾਰੇ ਦੇਸ਼ ਵਿੱਚ ਪ੍ਰਚਾਰ ਕਰਕੇ ਰਾਜਸੀ ਰੋਟੀਆਂ ਸੇਕਣ ਦਾ ਕੋਝਾ ਯਤਨ ਕਰ ਰਹੀ ਹੈ।
ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਭਾਜਪਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਡਟਣ ਵਾਲੇ ਕੌਮਾਂਤਰੀ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਖ਼ਿਲਾਫ਼ ਵਿੱਢੀ ਮੁਹਿੰਮ ਨਾ ਰੋਕੀ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਉਪ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਅਤੇ ਬੀਕੇਯੂ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਨੇ ਆਖਿਆ ਕਿ ਸ੍ਰੀ ਢੇਸੀ ਨੇ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਕੌਮਾਂਤਰੀ ਮੰਚ ’ਤੇ ਉਠਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਿਦੇਸ਼ਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਉੱਚਾ ਕਰਨ ਵਾਲੇ ਸਿੱਖ ਭਾਈਚਾਰੇ ਦੇ ਆਗੂਆਂ ਨੂੰ ਇਸ ਕਰਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਨ੍ਹਾਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਸੀ। ਜ਼ਿਕਰਯੋਗ ਹੈ ਕਿ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਭਾਰਤੀ ਜਨਤਾ ਯੁਵਾ ਮੋਰਚੇ ਦੇ ਆਗੂ ਕੇਂਦਰ ਸਰਕਾਰ ਤੋਂ ਮੰਗ ਕਰ ਚੁੱਕੇ ਹਨ ਕਿ ਤਨਮਨਜੀਤ ਸਿੰਘ ਢੇਸੀ ਤੇ ਉਨ੍ਹਾਂ ਦੇ ਪਰਿਵਾਰ ਦਾ ਓਸੀਆਈ ਕਾਰਡ ਰੱਦ ਕੀਤਾ ਜਾਵੇ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖ਼ਿਲਾਫ਼ ਆਵਾਜ਼ ਚੁੱਕਦਾ ਰਹਾਂਗਾ: ਢੇਸੀ
ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਖ਼ਿਲਾਫ਼ ਬਹੁਤ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਉਹ ਧਿਰਾਂ ਹੀ ਕੂੜ ਪ੍ਰਚਾਰ ਕਰ ਰਹੀਆਂ ਹਨ, ਜਿਨ੍ਹਾਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕੀਤੇ ਜਾਣ ਤੋਂ ਤਕਲੀਫ਼ ਹੋ ਰਹੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿਛਲੇ ਇੱਕ ਸਾਲ ਤੋਂ ਮੀਡੀਆ ਦੇ ਇੱਕ ਹਿੱਸੇ ਵਿੱਚ ਏਜੰਸੀਆਂ ਰਾਹੀਂ ਹਾਸੋ-ਹੀਣੇ ਸਿਆਸੀ ਬਿਆਨ ਅਤੇ ਬੇਬੁਨਿਆਦ ਰਿਪੋਰਟਾਂ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਲੰਡਨ ਵਿੱਚ ‘2020’ ਰੈਲੀ ਦੌਰਾਨ ਭਾਰਤ ਵਿਰੋਧੀ ਭਾਸ਼ਨ ਦਿੱਤਾ ਸੀ, ਜੋ ਸਰਾਸਰ ਝੂਠ ਹੈ ਕਿਉਂਕਿ ਉਹ ਕਦੇ ਵੀ ਅਜਿਹੀ ਕਿਸੇ ਰੈਲੀ ਵਿੱਚ ਸ਼ਾਮਲ ਹੋਏ ਹੀ ਨਹੀਂ ਸਨ।