ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੂਨ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਗੋਲਾ ਕੋਤਵਾਲੀ (ਯੂਪੀ) ਦੇ ਇਲਾਕੇ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਚਸ਼ਮਦੀਦ ਗਵਾਹ ਦਿਲਬਾਗ ਸਿੰਘ ਦੀ ਕਾਰ ਉੱਤੇ ਗੋਲੀਆਂ ਚਲਾ ਕੇ ਕੀਤੇ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜੋਗਿੰਦਰ ਸਿੰਘ ਉਗਰਾਹਾਂ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ, ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਬੂਟਾ ਸਿੰਘ ਬੁਰਜਗਿੱਲ ਤੇ ਜਗਮੋਹਨ ਸਿੰਘ, ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ, ਸਤਨਾਮ ਸਿੰਘ ਪੰਨੂ, ਸਰਬਨ ਸਿੰਘ ਪੰਧੇਰ ਆਦਿ ਕਿਸਾਨ ਆਗੂਆਂ ਨੇ ਵੱਖੋ-ਵੱਖਰੇ ਬਿਆਨਾਂ ਰਾਹੀਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਇਸ ਕੇਸ ਦੇ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਸ਼ਹਿ ਨਾਲ ਕੀਤਾ ਗਿਆ ਇਹ ਦੂਜਾ ਹਮਲਾ ਗਵਾਹਾਂ ਨੂੰ ਡਰਾਉਣ ਦੀ ਪੱਕੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਗਵਾਹ ਦਿਲਬਾਗ ਸਿੰਘ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦਾ ਜ਼ਿਲ੍ਹਾ ਪ੍ਰਧਾਨ ਹੈ ਅਤੇ ਦੋ ਦਿਨ ਪਹਿਲਾਂ ਹੀ ਰਾਕੇਸ਼ ਟਿਕੈਤ ਉੱਤੇ ਵੀ ਬੰਗਲੂਰੂ ਵਿੱਚ ਕਾਲੀ ਸਿਆਹੀ ਸੁੱਟਣ ਵਾਲੇ ਮੁਲਜ਼ਮਾਂ ਦਾ ਭਾਜਪਾ ਨਾਲ ਸਿੱਧਾ ਸਬੰਧ ਜੱਗ ਜ਼ਾਹਰ ਹੋ ਚੁੱਕਿਆ ਹੈ। ਕਿਸਾਨ ਆਗੂਆਂ ਨੇ ਯੂਪੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਜਾਬਰ ਫਾਸ਼ੀ ਚਾਲਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਹੈ।