ਗੁਰਿੰਦਰ ਸਿੰਘ
ਲੁਧਿਆਣਾ, 11 ਜੁਲਾਈ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਅੱਜ ਦਿੱਲੀ ਅੰਦੋਲਨ ਮੌਕੇ ਕੇਂਦਰ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕਰਾਉਣ ਦੀ ਮੰਗ ਸਬੰਧੀ 31 ਜੁਲਾਈ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਨੂੰ ਲਾਗੂ ਕਰਨ ਸਬੰਧੀ ਵਿਉਂਤਬੰਦੀ ਤਿਆਰ ਕਰਨ ਲਈ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸਾਨ ਜਥੇਬੰਦੀਆਂ ਪੰਜਾਬ ਭਰ ਵਿੱਚ 18 ਤੋਂ 30 ਜੁਲਾਈ ਤੱਕ ਕਨਵੈਨਸ਼ਨਾਂ ਕਰਨ ਮਗਰੋਂ 31 ਜੁਲਾਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬਾ ਪੱਧਰ ’ਤੇ ਰੇਲਾਂ ਦਾ ਚੱਕਾ ਜਾਮ ਕਰਨਗੇ। ਇਸ ਮੌਕੇ ਸ੍ਰੀ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦਾ ਸਿੰਘ ਮਾਨਸਾ ਅਤੇ ਹਰਦੇਵ ਸਿੰਘ ਸੰਧੂ ਨੇ ਦੱਸਿਆ ਕਿ 7 ਤੋਂ 14 ਅਗਸਤ ਤੱਕ ‘ਜੈ ਜਵਾਨ, ਜੈ ਕਿਸਾਨ, ਜੈ ਨੌਜਵਾਨ’ ਸੰਮੇਲਨ ਕਰਕੇ ਕੇਂਦਰ ਸਰਕਾਰ ਵੱਲੋਂ ਲਿਆਂਦੀ ‘ਅਗਨੀਪਥ’ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਖੀਮਪੁਰ ਖੀਰੀ ’ਚ 18, 19 ਤੇ 20 ਅਗਸਤ ਨੂੰ 75 ਘੰਟਿਆਂ ਦਾ ਸੰਕੇਤਕ ਧਰਨਾ ਵੀ ਦਿੱਤਾ ਜਾਵੇਗਾ। ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਮੁੜ ਇਕਜੁੱਟ ਕਰਨ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸਤਿਨਾਮ ਸਿੰਘ ਬਹਿਰੂ, ਅਵਤਾਰ ਸਿੰਘ ਮੇਹਲੋਂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ੍ਹ ਤੇ ਹਰਦੇਵ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ ਹੈ।
ਕਿਸਾਨ ਮੋਰਚੇ ਦੀ ਇਕਜੁੱਟਤਾ ਲਈ ਯਤਨ ਜਾਰੀ ਰਹਿਣਗੇ: ਦਰਸ਼ਨਪਾਲ
ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਨੇ ਅੱਜ ਇੱਥੇ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ’ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਇਹ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਨੂੰ ਇਕਜੁੱਟ ਅਤੇ ਵਿਸ਼ਾਲ ਕਰਨ ਲਈ ਯਤਨ ਕਰਦੀ ਰਹੇਗੀ। ਇਸ ਮੌਕੇ ਡਾ. ਦਰਸ਼ਨਪਾਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਪੂਰੇ ਜ਼ੋਰ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਸੂਬਾ ਕਮੇਟੀ ਆਗੂਆਂ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਤੇ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੇ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਤੱਕ ਨਹੀਂ ਕੀਤਾ ਗਿਆ, ਸਗੋਂ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਢੱਕਿਆ ਜਾ ਰਿਹਾ ਹੈ।