ਆਤਿਸ਼ ਗੁਪਤਾ
ਚੰਡੀਗੜ੍ਹ, 30 ਸਤੰਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕਰਨ ਦੇ ਢੰਗ ਤਰੀਕੇ ’ਤੇ ਨਾਖੁਸ਼ੀ ਜ਼ਾਹਿਰ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਕ ਵਾਰ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨਹੀਂ ਕੀਤੀ ਤੇ ਹੁਣ ਜਦੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਇਕ ਬਰਾਬਰ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਨੂੰ ਪਹਿਲੇ ਦਿਨ ਤੋਂ ਭਾਜਪਾ ਦਾ ਵਿਰੋਧ ਅਤੇ ਹੋਰਨਾਂ ਰਾਜਸੀ ਪਾਰਟੀਆਂ ਨੂੰ ਸਵਾਲ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਅੰਦੋਲਨ ਚੱਲਦੇ ਨੂੰ ਇਕ ਸਾਲ ਹੋਣ ਵਾਲਾ ਹੈ, ਪਰ ਅੱਜ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਕੇਂਦਰ ਨਾਲ ਮੁਲਾਕਾਤ ਨਹੀਂ ਕੀਤੀ। ਅੱਜ ਉਹ ਬਿਨਾਂ ਕਿਸੇ ਅਹੁਦੇ ਤੋਂ ਮੁਲਾਕਾਤ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ। ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਚਲਦਿਆਂ 10 ਮਹੀਨੇ ਪੂਰੇ ਹੋ ਚੁੱਕੇ ਹਨ। ਅੱਜ ਜਦੋਂ ਕੇਂਦਰ ਸਰਕਾਰ ਕਿਸਾਨਾਂ ਦੇ ਏਕੇ ਅੱਗੇ ਬੇਵੱਸ ਹੋ ਚੁੱਕੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸੰਘਰਸ਼ ਦਾ ਸਾਰਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ਕੈਪਟਨ ਅਮਰਿੰਦਰ ਸਿੰਘ ਸਾਬਤ ਕੀ ਕਰਨਾ ਚਾਹੁੰਦੇ ਹਨ ਕਿ ਜਦੋਂ ਉਹ ਮੁੱਖ ਮੰਤਰੀ ਸੀ ਤਾਂ ਉਨ੍ਹਾਂ ਕੋਲ ਤਾਕਤ ਘੱਟ ਸੀ ਜਦੋਂ ਅੱਜ ਮੁੱਖ ਮੰਤਰੀ ਨਹੀਂ ਰਹੇ ਤਾਂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਤਾਕਤ ਆ ਚੁੱਕੀ ਹੈ।’ ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਰਾਜਸੀ ਆਗੂ ਕੁਰਸੀ ਬਚਾਉਣ ਖਾਤਿਰ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੇ ਹਨ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਦਾ ਮੋਢਾ ਵਰਤ ਕੇ ਪੰਜਾਬ ਵਿੱਚ ਕਾਬਜ਼ ਹੋਣਾ ਚਾਹੁੰਦੀ ਹੈ, ਜੋ ਕਦੇ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਦੇ ਨੂੰ 10 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਤੇ ਇਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ ਹੈ ਤਾਂ ਕੈਪਟਨ ਦੇ ਕਹੇ ’ਤੇ ਕਾਨੂੰਨ ਕਿਵੇਂ ਰੱਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਰਾਜਸੀ ਆਗੂਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਕਿਸਾਨਾਂ ਦੇ ਨਾਮ ’ਤੇ ਸਿਆਸੀ ਜ਼ਮੀਨ ਤਲਾਸ਼ ਰਹੇ ਨੇ ਆਗੂ: ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਨਾਮ ’ਤੇ ਹਰ ਕੋਈ ਸਿਆਸੀ ਜ਼ਮੀਨ ਤਲਾਸ਼ ਰਿਹਾ ਹੈ। ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਖੁੱਲ੍ਹੇ ਅਸਮਾਨ ਹੇਠ ਸੰਘਰਸ਼ ਕਰ ਰਿਹਾ ਹੈ। ਕਿਸਾਨ ਆਗੂ ਨੇ ਕੈਪਟਨ-ਸ਼ਾਹ ਦੀ ਮਿਲਣੀ ਦੇ ਹਵਾਲੇ ਨਾਲ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਮੰਨਦੀ ਹੈ ਤਾਂ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਕੇ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਨੂੰ ਇਸ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।