ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਹਤਰ ਪ੍ਰਬੰਧ ਕੀਤੇ ਹੋਣ ਦਾ ਦਾਅਵਾ ਕਰਦਿਆਂ ਅੱਜ ਐਲਾਨ ਕੀਤਾ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ’ਚ ਫਸਲ ਦੇ ਢੇਰ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਕਾਨੂੰਨ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪੁੱਜਦੇ ਸਾਰ ਖਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਮੌਕੇ ’ਤੇ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫਤੇ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ।
ਪਸ਼ੂ ਮੇਲੇ 15 ਅਕਤੂਬਰ ਤੋਂ ਮੁੜ ਸ਼ੁਰੂ ਹੋਣਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸੂ ਮੇਲੇ ਮੁੜ ਸ਼ੁਰੂ ਹੋਣਗੇ ਜੋ ਪਹਿਲਾਂ ਲੰਪੀ ਸਕਿਨ ਬਿਮਾਰੀ ਕਰ ਕੇ ਆਰਜ਼ੀ ਤੌਰ ’ਤੇ ਬੰਦ ਕਰ ਦਿੱਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।