ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਨਵੰਬਰ
ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਕੀਤਾ ਐਲਾਨ ਕਿਸਾਨਾਂ ਦੀ ਜਿੱਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕਰਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਨ੍ਹਾਂ ਸ਼ਬਦਾਂ ਦੀ ਵਰਤੋਂ ਕੀਤੀ, ਉਹ ਨਿੰਦਣਯੋਗ ਹਨ। ਸ੍ਰੀ ਚੌਧਰੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਕੇ ਫ਼ੈਸਲੇ ਦਾ ਸੁਆਗਤ ਕਰਨ ਬਾਰੇ ਕਿਹਾ ਕਿ ਜਿਸ ਵੇਲੇ ਕਿਸਾਨਾਂ ਨੂੰ ਕੈਪਟਨ ਦੀ ਲੋੜ ਸੀ, ਉਸ ਸਮੇਂ ਉਹ ਕੇਂਦਰ ਨਾਲ ਖੜ੍ਹੇ ਸਨ। ਚੌਧਰੀ ਨੇ ਕਿਹਾ ਕਿ ਪੰਜਾਬ ਤੇ ਯੂਪੀ ਚੋਣਾਂ ਤੋਂ ਠੀਕ ਪਹਿਲਾਂ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ, ਚੋਣਾਂ ਨੂੰ ਦੇਖ ਕੇ ਲਿਆ ਗਿਆ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਪੰਜਾਬ ’ਚ ਭਾਜਪਾ ਆਗੂਆਂ ਦਾ ਵਿਰੋਧ ਖ਼ਤਮ ਹੋਣ ਅਤੇ ਲੋਕਾਂ ’ਚ ਜਾ ਕੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਗੱਲ ਦਾ ਜਵਾਬ ਦਿੰਦੇ ਹੋਏ ਚੌਧਰੀ ਨੇ ਕਿਹਾ ਕਿ ਇਸ ਦਾ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ, ਪਰ ਇਸ ਦਾ ਖ਼ਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਮੌਜੂਦ ਸਨ।
‘ਮੁੱਖ ਮੰਤਰੀ ਸਣੇ ਕਿਸੇ ਵੀ ਟਿਕਟ ਦਾ ਹਾਲੇ ਕੋਈ ਫੈ਼ਸਲਾ ਨਹੀਂ’
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਇਥੇ ਕਾਂਗਰਸ ਭਵਨ ਵਿੱਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਕਮਰਕੱਸੇ ਕਰਨ ਦਾ ਸੱਦਾ ਦਿੱਤਾ। ਵਿਧਾਨ ਸਭਾ ਚੋਣਾਂ ਲਈ ਜਲਦੀ ਉਮੀਦਵਾਰ ਐਲਾਨੇ ਜਾਣ ਦੀ ਮੰਗ ’ਤੇ ਟਿੱਪਣੀ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਉਮੀਦਵਾਰਾਂ ਬਾਰੇ ਫੈ਼ਸਲਾ ਕਰਨ ਦੀ ਪ੍ਰਕਿਰਿਆ ਲੰਮੀ ਹੋਣ ਕਰਕੇ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ 60 ਦਿਨਾਂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤਾਂ ਇਕ ਨਮੂਨਾ ਹੀ ਸੀ ਇਸ ਲਈ ਅਗਲੇ 60 ਮਹੀਨਿਆਂ ਲਈ ਲੋਕ ਕਾਂਗਰਸ ਪਾਰਟੀ ਨੂੰ ਫਤਵਾ ਦੇਣ। ਉਨ੍ਹਾਂ ਕਿਹਾ ਕਿ 117 ਵਿਧਾਨ ਸਭਾ ਦੀਆਂ ਸੀਟਾਂ ਤੋਂ ਕਿਹੜੇ ਉਮੀਦਵਾਰ ਨੂੰ ਟਿਕਟ ਦਿੱਤੀ ਜਾਣੀ ਹੈ ਇਸ ਦਾ ਅਜੇ ਫੈ਼ਸਲਾ ਨਹੀਂ ਕੀਤਾ ਗਿਆ।