ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 8 ਅਕਤੂਬਰ
ਜ਼ਿਲ੍ਹਾ ਬਠਿੰਡਾ ਦੇ ਪਿੰਡ ਹਮੀਰਗੜ੍ਹ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਵਿਛੋੜੇ ਦੇ ਗਮ ’ਚ ਬੀਤੀ ਰਾਤ ਘਰ ਵਿੱਚ ਹੀ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹੇ ਲਗਾਉਣ ਮਗਰੋਂ ਖੁਦ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਅੱਜ ਸਵੇਰੇ ਪਤਾ ਲੱਗਾ।
ਮ੍ਰਿਤਕਾਂ ’ਚ ਬੇਅੰਤ ਸਿੰਘ (35), ਪ੍ਰਭਜੋਤ ਸਿੰਘ (5) ਖੁਸ਼ਪ੍ਰੀਤ ਕੌਰ (3) ਅਤੇ ਸੁਖਪ੍ਰੀਤ ਕੌਰ (1) ਸ਼ਾਮਿਲ ਹਨ। ਥਾਣਾ ਭਗਤਾ ਭਾਈ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਫੂਲ ਜਸਵੀਰ ਸਿੰਘ ਵੀ ਮੌਕੇ ’ਤੇ ਪਹੁੰਚੇ। ਪ੍ਰਾਪਤ ਵੇਰਵਿਆਂ ਮੁਤਾਬਕ ਨੌਜਵਾਨ ਬੇਅੰਤ ਸਿੰਘ ਮੋਟਰਸਾਈਕਲ ਰਿਕਸ਼ਾ ਚਲਾ ਕੇ ਆਪਣਾ ਪਰਿਵਾਰ ਪਾਲਦਾ ਸੀ। ਉਸ ਦੀ ਪਤਨੀ ਲਵਪ੍ਰੀਤ ਕੌਰ ਦੀ ਲਗਭਗ ਦੋ ਮਹੀਨੇ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ ਤੇ ਇਸ ਸਮੇਂ ਉਹ ਆਪਣੇ ਮਾਸੂਮ ਬੱਚਿਆਂ ਦੀ ਖੁਦ ਹੀ ਸੰਭਾਲ ਰਿਹਾ ਸੀ। ਜਾਣਕਾਰੀ ਮੁਤਾਬਕ ਬੇਅੰਤ ਸਿੰਘ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਮੌਕੇ ਤੋਂ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ। ਖੁਦਕੁਸ਼ੀ ਨੋਟ ’ਚ ਬੇਅੰਤ ਸਿੰਘ ਨੇ ਆਪਣੀ ਪਤਨੀ ਦੇ ਚਲੇ ਜਾਣ ਦਾ ਗਮ ਵੀ ਬਿਆਨ ਕੀਤਾ ਹੈ। ਉਸ ਨੇ ਆਪਣੇ ਰਿਸ਼ਤੇਦਾਰਾਂ ’ਤੇ ਵੀ ਗਿਲਾ ਜਤਾਇਆ ਹੈ ਕਿ ਉਨ੍ਹਾਂ ਨੇ ਵੀ ਉਸ ਦੀ ਬਾਂਹ ਨਹੀਂ ਫੜੀ। ਡੀਐੱਸਪੀ ਫੂਲ ਜਸਵੀਰ ਸਿੰਘ ਨੇ ਕਿਹਾ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ ਪਰ ਫਿਰ ਵੀ ਪੁਲੀਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।