ਪਰਮਜੀਤ ਸਿੰਘ
ਫਾਜ਼ਿਲਕਾ, 28 ਜੂਨ
ਪੰਜਾਬ ਸਰਕਾਰ ਵੱਲੋਂ ਦਿੱਤੇ ਗਏ 6ਵੇਂ ਪੇਅਕਮਿਸ਼ਨ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਨੇ ਅੱਜ ਪੀ.ਐਸ.ਐਮ.ਯੂ. ਦੀ ਸੂਬਾ ਇਕਾਈ ਦੇ ਸੱਦੇ ’ਤੇ ਆਪਣੇ ਦਫ਼ਤਰਾਂ ਦਾ ਕੰਮਕਾਜ ਬੰਦ ਰੱਖਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ। ਚੋਣਾਂ ਸਮੇਂ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਬੜੇ ਵਾਅਦੇ ਕੀਤੇ ਜਾਂਦੇ ਹਨ, ਪਰ ਪੂਰਾ ਇਕ ਨਹੀਂ ਕੀਤਾ ਜਾਂਦਾ। ਉਨ੍ਹਾ ਦੱਸਿਆ ਕਿ ਸੂਬਾ ਇਕਾਈ ਨੇ 30 ਜੂਨ ਤੱਕ ਕਲਮਛੋੜ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।