ਫਾਜ਼ਿਲਕਾ ਪੁਲੀਸ ਵੱਲੋਂ 3 ਨਸ਼ਾ ਤਸਕਰ 270 ਗ੍ਰਾਮ ਹੈਰੋਇਨ ਅਤੇ 2 ਡਰੋਨਾਂ ਸਮੇਤ ਕਾਬੂ
ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ ਖੇਪ; ਜਲਾਲਾਬਾਦ ਇਲਾਕੇ ਵਿੱਚੋਂ ਕਾਬੂ ਕੀਤੇ ਗਏ ਮੁਲਜ਼ਮ : ਪੁਲੀਸ ਅਧਿਕਾਰੀ
ਫਾਜ਼ਿਲਕਾ ਪੁਲੀਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ 3 ਨਸ਼ਾ ਤਸਕਰਾਂ ਨੂੰ 270 ਗ੍ਰਾਮ ਹੈਰੋਇਨ ਅਤੇ 2 ਡਰੋਨਾਂ ਸਮੇਤ ਕਾਬੂ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਦੇ ਪੁਲੀਸ ਕਪਤਾਨ (ਇਨਵੈਸਟੀਗੇਸ਼ਨ) ਅਤੇ ਫਾਜ਼ਿਲਕਾ ਦੇ ਸੀ ਆਈ ਏ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਥਾਣਾ ਸਦਰ ਜਲਾਲਾਬਾਦ ਦੇ ਏਰੀਏ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਅੱਗੇ ਘੁਬਾਇਆ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੇੜੇ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 270 ਗ੍ਰਾਮ ਹੈਰੋਇਨ ਅਤੇ 2 ਡਰੋਨ ਬਰਾਮਦ ਹੋਏ। ਪੁਲੀਸ ਵੱਲੋਂ ਤਿੰਨਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਬਰਾਮਦ ਨਸ਼ੀਲਾ ਪਦਾਰਥ ਅਤੇ ਡਰੋਨ ਆਪਣੇ ਕਬਜ਼ੇ ਵਿੱਚ ਲੈ ਲਏ ਗਏ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਹਰਮੇਸ਼ ਸਿੰਘ ਉਰਫ਼ ਗੱਗੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਫੱਤੂ ਵਾਲਾ, ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੋਧਾ ਭੈਣੀ ਅਤੇ ਬਲਵਿੰਦਰ ਸਿੰਘ ਉਰਫ਼ ਨੀਟੀ ਪੁੱਤਰ ਰਾਮ ਸਿੰਘ ਵਾਸੀ ਢਾਣੀ ਮਾਘ ਸਿੰਘ ਵਜੋਂ ਹੋਈ ਹੈ।
ਪੁਲੀਸ ਅਧਿਕਾਰੀਆਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਮੁੱਢਲੀ ਤਫ਼ਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਤਸਕਰਾਂ ਵੱਲੋਂ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਦੇ ਲਿੰਕਾਂ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਕੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਪੁਲੀਸ ਵੱਲੋਂ ਇਸ ਸਬੰਧੀ ਜਲਾਲਾਬਾਦ ਦੇ ਸਦਰ ਥਾਣਾ ਵਿਖੇ ਐੱਨ ਡੀ ਪੀ ਐੱਸ ਅਤੇ ਏਅਰ ਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

