ਰਾਜਿੰਦਰ ਕੁਮਾਰ
ਬੱਲੂਆਣਾ (ਅਬੋਹਰ), 22 ਮਈ
ਰਾਜਸਥਾਨ ਦੀ ਹੱਦ ਨਾਲ ਲੱਗਦੇ ਬੱਲੂਆਣਾ ਦੇ ਕਈ ਪਿੰਡਾਂ ਵਿੱਚ ਕਰੋਨਾ ਕਾਰਨ ਸਹਿਮ ਦਾ ਮਾਹੌਲ ਹੈ। ਪ੍ਰਸ਼ਾਸਨ ਦੇ ਸਹਿਯੋਗ ਨਾਲ ਨੌਜਵਾਨਾਂ ਵੱਲੋਂ ਠੀਕਰੀ ਪਹਿਰੇ ਲਾ ਕੇ ਲੋਕਾਂ ਨੂੰ ਚੌਕਸ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਤਸੱਲੀ ਕਰ ਕੇ ਹੀ ਪਿੰਡ ਵਿੱਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਬੱਲੂਆਣਾ ਦੇ ਪਿੰਡ ਕੱਲਰਖੇੜਾ, ਬਜੀਤਪੁਰ ਭੋਮਾ, ਜੰਡਵਾਲਾ ਹਨਵੰਤਾ, ਕੁਲਾਰ ਅਤੇ ਦੌਲਤਪੁਰਾ ਨੂੰ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ। ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ। ਨੌਜਵਾਨ ਕਲੱਬਾਂ ਦੀ ਮਦਦ ਨਾਲ ਪਿੰਡਾਂ ਵਿੱਚ ਪੁਲੀਸ ਵੱਲੋਂ ਠੀਕਰੀ ਪਹਿਰੇ ਵੀ ਲਾਏ ਜਾ ਰਹੇ ਹਨ। ਕਰੋਨਾ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਸ਼ਾਸਨ ਵੱਲੋਂ ਘਰ ਵਿੱਚ ਹੀ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਉਧਰ, ਰਾਜਸਥਾਨ ਦੀ ਹੱਦ ਨਾਲ ਲੱਗਦੀ ਬੱਲੂਆਣਾ ਖੇਤਰ ਦੀ ਉਪ ਤਹਿਸੀਲ ਸੀਤੋ ਗੁੰਨੋ ਦੇ ਕਈ ਪਿੰਡਾਂ ਵਿੱਚ ਕਰੋਨਾ ਪੀੜਤਾਂ ਦੀ ਸੰਖਿਆ ਵਧਦੀ ਜਾ ਰਹੀ ਹੈ।
ਪੰਜਾਬ ਨੂੰ ਰਾਜਸਥਾਨ ਨਾਲ ਜੋੜਨ ਵਾਲੇ ਹਨੂੰਮਾਨਗੜ੍ਹ ਰੋਡ, ਸੰਗਰੀਆ ਰੋਡ ਅਤੇ ਗੰਗਾਨਗਰ ਰੋਡ ’ਤੇ ਪ੍ਰਸ਼ਾਸਨ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਰਾਜਸਥਾਨ ਸਰਕਾਰ ਨੇ ਵੀ ਆਪਣੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਪੰਜਾਬ ਤੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਕਰੋਨਾ ਨੈਗੇਟਿਵ ਰਿਪੋਰਟ ਦੇਖਣ ਮਗਰੋਂ ਹੀ ਉਸ ਨੂੰ ਰਾਜਸਥਾਨ ਵਿੱਚ ਦਾਖ਼ਲ ਹੋਣ ਦਿੱਤਾ ਜਾਵੇ ਜਦਕਿ ਰਾਜਸਥਾਨ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲਿਆਂ ਪ੍ਰਤੀ ਅਬੋਹਰ ਸਬ ਡਿਵੀਜ਼ਨ ਪ੍ਰਸ਼ਾਸਨ ਦਾ ਰਵੱਈਆ ਮਿਲਣਸਾਰ ਹੈ।
ਕਰੋਨਾ ਅਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰੇ ਸਰਕਾਰ: ਚੀਮਾ
ਚੰਡੀਗੜ੍ਹ/ਸੰਗਰੂਰ (ਟ੍ਰਿਬਿਊਨ ਨਿਊਜ਼ ਸਰਵਿਸ/ ਨਿੱਜੀ ਪੱਤਰ ਪ੍ਰੇਰਕ): ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ’ਚ ਕਰੋਨਾ ਮਹਾਮਾਰੀ ਦੀ ਤੀਜੀ ਲਹਿਰ ਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੰਜਾਬ ਦੇ ਵਸਨੀਕਾਂ ਲਈ ਬਹੁਤ ਮਾਰੂ ਸਿੱਧ ਹੋਈ ਹੈ ਅਤੇ ਹੁਣ ਬਲੈਕ ਫੰਗਸ ਦੀ ਆ ਰਹੀ ਸਮੱਸਿਆ ਨੇ ਮੌਤਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਢੁਕਵੇਂ ਪ੍ਰਬੰਧ ਨਹੀਂ ਕੀਤੇ। ਕਰੋਨਾ ਦੀ ਦੂਜੀ ਲਹਿਰ ਦੀ ਚਿਤਾਵਨੀ ਦੇ ਬਾਵਜੂਦ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਜ਼ਿੱਦ ਕਾਰਨ ਪੰਜਾਬ ਵਿੱਚ ਕਰੋਨਾ ਦੌਰਾਨ ਸਫ਼ਾਈ ਸੇਵਾਵਾਂ ਠੱਪ ਪਈਆਂ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖ਼ਤਮ ਕਰਵਾਉਣ ਦੀ ਮੰਗ ਕੀਤੀ। ਚੀਮਾ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿੱਚ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਫ਼ਾਈ ਕਰਮਚਾਰੀਆਂ ਨੇ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗਣੇ ਸ਼ੁਰੂੂ ਹੋ ਗਏ ਹਨ।