ਗੈਂਗਸਟਰਾਂ ਦੇ ਖੌ਼ਫ਼ ਕਾਰਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ: ਜਾਖੜ
ਪੰਕਜ ਕੁਮਾਰ
ਅਬੋਹਰ, 8 ਜੁਲਾਈ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਜੇ ਕਿਸੇ ਕਾਰੋਬਾਰੀ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਫੋਨ ਆਉਂਦਾ ਹੈ ਤਾਂ ਉਹ ਆਪਣੇ ਪਰਿਵਾਰ ਲਈ ਸਰਕਾਰ ’ਤੇ ਭਰੋਸਾ ਕਰਨ ਦੀ ਬਜਾਏ ਫੋਨ ਕਰਨ ਵਾਲੇ ਦੀ ਗੱਲ ਸੁਣਨ ਨੂੰ ਤਰਜੀਹ ਦੇਣਗੇ। ਪੰਜਾਬ ਦੇ ਵਾਸੀਆਂ ਦਾ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਵਾਅਦਿਆਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਗਤ ਸਿੰਘ ਚੌਕ ’ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਸ੍ਰੀ ਜਾਖੜ ਨੇ ਕਿਹਾ ਕਿ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਨੇ ਨਾ ਸਿਰਫ਼ ਸਥਾਨਕ ਵਪਾਰਕ ਭਾਈਚਾਰੇ ਲਈ ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਲਈ ਵੀ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਜਿਨ੍ਹਾਂ ਆਗੂਆਂ ਨੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਖਟਕੜ ਕਲਾਂ ਜਾ ਕੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦਾ ਦੌਰਾ ਕਰਦਿਆਂ ਐਲਾਨ ਕੀਤਾ ਸੀ ਕਿ ਪੰਜਾਬ ਵਿੱਚੋਂ ਨਸ਼ੇ ਅਤੇ ਅਪਰਾਧ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਜਾਵੇਗਾ, ਉਨ੍ਹਾਂ ਦੇ ਰਾਜ ਵਿੱਚ ਨਸ਼ਾ ਹਰ ਘਰ ਵਿੱਚ ਫੈਲ ਰਿਹਾ ਹੈ ਅਤੇ ਪਿਛਲੇ ਕੁਝ ਦਿਨਾਂ ਵਿੱਚ ਗੋਲੀਬਾਰੀ ਦੀਆਂ ਚਾਰ ਵੱਡੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਦੇ ਸਾਰੇ ਦਾਅਵੇ ਅਸਫਲ ਸਾਬਤ ਹੋਏ ਹਨ। ਨਸ਼ਿਆਂ ਦੀ ਦਲਦਲ ਵਿੱਚ ਜਾ ਰਹੇ ਨੌਜਵਾਨ ਗੈਂਗਸਟਰਾਂ ਦੇ ਪ੍ਰਭਾਵ ਹੇਠ ਹਥਿਆਰਾਂ ਨਾਲ ਘੁੰਮ ਰਹੇ ਹਨ। ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਸੰਜੇ ਵਰਮਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਹਰ ਪਾਸੇ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਜੇਕਰ ਇਸ ਸਥਿਤੀ ਨੂੰ ਬਦਲਣ ਲਈ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਲੋਕਾਂ ਦਾ ਗੁੱਸਾ ਕਿਸੇ ਵੀ ਸਮੇਂ ਵਿਦਰੋਹ ਦਾ ਕਾਰਨ ਬਣ ਸਕਦਾ ਹੈ। ਨਗਰ ਨਿਗਮ ਦੇ ਮੇਅਰ ਵਿਮਲ ਠਠਾਈ ਨੇ ਕਿਹਾ ਕਿ ਫੈਸ਼ਨ ਡਿਜ਼ਾਈਨਰ ਜਗਤ ਵਰਮਾ ਦੇ ਛੋਟੇ ਭਰਾ ਸੰਜੇ ਵਰਮਾ ਦੇ ਬੇਰਹਿਮੀ ਨਾਲ ਹੋਏ ਕਤਲ ਨੇ ਅਬੋਹਰ ਦੇ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕੀਤਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਕਦਮ ਚੁੱਕਣੇ ਚਾਹੀਦੇ ਹਨ।
ਸੰਜੈ ਵਰਮਾ ਦੇ ਪਰਿਵਾਰ ਨੂੰ ਜਲਦ ਇਨਸਾਫ਼ ਮਿਲੇਗਾ: ਖੁੱਡੀਆਂ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਕਰਕੇ ਸਮਾਜ ਵਿਚ ਆਪਣਾ ਰੁਤਬਾ ਬਣਾਇਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੰਜੈ ਵਰਮਾ ਦੇ ਕਾਤਲਾਂ ਨੂੰ ਲੱਭ ਕੇ ਅਜਿਹੀ ਸਖ਼ਤ ਸਜ਼ਾ ਦਿਵਾਈ ਜਾਵੇਗੀ ਤਾਂ ਕਿ ਹੋਰਨਾਂ ਗੈਂਗਸਟਰਾਂ ’ਚ ਖੌਫ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਵਾਰਦਾਤ ਵਿਚ ਸ਼ਾਮਲ ਹੈ, ਉਸ ਨੂੰ ਕਾਨੂੰਨ ਅਨੁਸਾਰ ਸਖਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਮੌਜੂਦ ਸਨ।