ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਜੁਲਾਈ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੱਚਤ ਭਵਨ ਵਿੱਚ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਮੁਹਾਲੀ ਏਅਰਪੋਰਟ ਤੋਂ ਜੀ.ਟੀ ਰੋਡ ਤੱਕ ਬਣਨ ਵਾਲੀ ਸੜਕ ਲਈ ਮੁਆਵਜ਼ੇ ਦੀ ਮੰਗ ਸੰਬਧੀ ਮੰਗ ਪੱਤਰ ਸੌਂਪਿਆ। ਇਸ ’ਤੇ ਡਾ. ਅਮਰ ਸਿੰਘ ਨੇ ਭਰੋਸਾ ਦਿੱਤਾ ਕਿ ਹਰ ਕਿਸਾਨ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ। ਕਿਸਾਨਾਂ ਤੋਂ ਮੰਗ ਪੱਤਰ ਲੈਣ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਹੈ। ਇਸ ਵਿੱਚ ਪੰਜਾਬ ਸਰਕਾਰ ਤੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਤੇ ਸੰਸਦ ਵਿੱਚ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਲੋਕ ਵ੍ਹਿਪ ਮੁਤਾਬਕ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਵਿੱਚ ਸੰਸਦ ਮੈਂਬਰਾਂ ਜ਼ਰੀਏ ਆਪਣੀ ਆਵਾਜ਼ ਬੁਲੰਦ ਕਰਨ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਜਦੋਂ ਵੱਡੀ ਗਿਣਤੀ ਸੰਸਦ ਮੈਂਬਰ ਕਿਸਾਨਾਂ ਦੀ ਆਵਾਜ਼ ਸੰਸਦ ਵਿੱਚ ਬੁਲੰਦ ਕਰਨਗੇ। ਉਨ੍ਹਾਂ ਡਾ. ਅਮਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਪਿਛਲੇ ਸੈਸ਼ਨ ਤੋਂ ਵੱਧ ਜ਼ੋਰਦਾਰ ਢੰਗ ਨਾਲ ਚੁੱਕਣ। ਇਸ ਮੌਕੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਵੀ ਹਾਜ਼ਰ ਸਨ।