DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਅੰਦਰ ਕੁਰਸੀ ਦੀ ਲੜਾਈ, ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਸਿਰਫ਼ ਭਾਜਪਾ ਹੀ ਲਿਜਾ ਸਕਦੀ ਹੈ: Kewal Dhillon

 ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ

  • fb
  • twitter
  • whatsapp
  • whatsapp
featured-img featured-img
ਕੇਵਲ ਸਿੰਘ ਢਿੱਲੋ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ
Advertisement

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਅੰਦਰ ਚੱਲ ਰਿਹਾ ਕਲੇਸ਼ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਹਮੇਸ਼ਾ ਨਿੱਜੀ ਹਿੱਤਾਂ ਅਤੇ ਕੁਰਸੀ ਦੀ ਸਿਆਸਤ ਵਿੱਚ ਉਲਝੇ ਰਹਿੰਦੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦੇ ਅਸਲ ਮੁੱਦੇ ਹਾਸ਼ੀਏ 'ਤੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਲਿਜਾਣ ਦੀ ਸਮਰੱਥਾ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਕੋਲ ਹੀ ਹੈ।

Advertisement

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨਾਲ ਵਿਸ਼ੇਸ਼ ਲਗਾਵ ਰੱਖਦੇ ਹਨ ਅਤੇ ਇਸ ਦੌਰੇ ਦੌਰਾਨ ਸੂਬੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਜਾ ਸਕਦੇ ਹਨ।

Advertisement

ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ ਓ ਟੀ ਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ਬਾਰੇ ਢਿੱਲੋਂ ਨੇ ਕਿਹਾ ਕਿ ਇਸ ਵਿੱਚ ਭਾਜਪਾ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਕਮੇਟੀ ਬਣਾਈ ਗਈ ਹੈ ਤੇ ਜਲਦ ਹੀ ਇਸ ਸਬੰਧੀ ਫ਼ੈਸਲਾ ਆਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵੱਲੋਂ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੈਂਗਸਟਰਵਾਦ, ਨਸ਼ਾਖ਼ੋਰੀ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਭਾਜਪਾ ਕੋਲ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਸਪੱਸ਼ਟ ਨੀਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚਿਆ ਹੈ, ਉਸੇ ਤਰ੍ਹਾਂ ਪੰਜਾਬ ਨੂੰ ਵੀ ਤਰੱਕੀ ਦੇ ਰਾਹ 'ਤੇ ਅੱਗੇ ਲਿਜਾਇਆ ਜਾ ਸਕਦਾ ਹੈ।

ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ, ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਰਾਜੇਸ਼ ਚੌਧਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਪ੍ਰਦੀਪ ਕੋਟਲਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਵੀ ਉਨ੍ਹਾਂ ਨਾਲ ਮੌਜੂਦ ਸਨ।

Advertisement
×