ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਫਰਵਰੀ
ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਇੱਥੇ ਲਾਰੈਂਸ ਰੋਡ ਚੌਕ ਵਿਚ ਕੀਤੇ ਗਏ ਰੋਡ ਸ਼ੋਅ ਅਤੇ ਰੈਲੀ ਦੌਰਾਨ ਚੋਣ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਜੋ ਕਿ ਚੋਣ ਅਧਿਕਾਰੀ ਵੀ ਹਨ, ਨੇ ਸ਼ਿਕਾਇਤ ਕੀਤੀ ਸੀ ਜਿਸ ਮਗਰੋਂ ਥਾਣਾ ਸਿਵਲ ਲਾਈਨ ’ਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕਿਸੇ ਨੂੰ ਨਾਮ ਦੇ ਨਾਲ ਨਾਮਜ਼ਦ ਨਹੀਂ ਕੀਤਾ ਗਿਆ ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿਚ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਦੱਸਣਯੋਗ ਇਸ ਰੋਸ ਰੋਡ ਸ਼ੋਅ ਵਿੱਚ ਅਰਵਿੰਦ ਕੇਜਰੀਵਾਲ ਸਣੇ ਹੋਰ ਆਗੂ ਸ਼ਾਮਲ ਸਨ।