ਸਿਮਰਤ ਪਾਲ ਸਿੰਘ ਬੇਦੀ/ਜਗਤਾਰ ਸਿੰਘ
ਜੰਡਿਆਲਾ ਗੁਰੂ/ਜੈਂਤੀਪੁਰ, 24 ਜਨਵਰੀ
ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀ ਕੁੰਡਲੀ ਹੱਦ ’ਤੇ ਬੀਤੇ ਦਿਨ ਸੰਖੇਪ ਬੀਮਾਰ ਹੋਣ ਸ਼ਹੀਦ ਹੋਣ ਵਾਲੇ ਕਿਸਾਨ ਰਤਨ ਸਿੰਘ ਵਾਸੀ ਕੋਟਲੀ ਸ਼ਾਹ ਦਾ ਸਸਕਾਰ ਇਨਕਲਾਬੀ ਨਾਅਰਿਆਂ ਦੀ ਗੂੰਜ ਹੇਠ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ਹੀਦ ਰਤਨ ਸਿੰਘ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਉਸ ਦੇ ਪਰਿਵਾਰ ਵਿੱਚ ਦੋ ਧੀਆਂ ਅਤੇ ਦੋ ਪੁੱਤਰ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਦਿੱਲੀ ਮੋਰਚੇ ਵਿੱਚ 75 ਤੋਂ ਉੱਪਰ ਕਿਸਾਨਾਂ-ਮਜ਼ਦੂਰਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਮੌਤਾਂ ਲਈ ਸਿੱਧੇ ਤੌਰ ’ਤੇ ਮੋਦੀ ਸਰਕਾਰ ਜ਼ਿੰਮੇਵਾਰ ਹੈ। ਪੰਧੇਰ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਸ਼ਹੀਦੀਆਂ ਅਜਾਈਂ ਨਹੀਂ ਜਾਣਗੀਆਂ, ਇਨ੍ਹਾਂ ਸ਼ਹੀਦਾਂ ਦੇ ਸੁਪਨੇ ਹਰ ਹੀਲੇ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਅਤੇ 26 ਜਨਵਰੀ ਦੀ ਟਰੈਕਟਰ ਪਰੇਡ ਇਤਿਹਾਸਕ ਪਰੇਡ ਹੋਵੇਗੀ। ਕਿਸਾਨ ਰਤਨ ਸਿੰਘ ਦੇ ਸਸਕਾਰ ਮੌਕੇ ਨਾਇਬ ਤਹਿਸੀਲਦਾਰ ਜਸਬੀਰ ਸਿੰਘ ਨੇ ਉਸ ਦੇ ਪਰਿਵਾਰ ਨੂੰ 5 ਲੱਖ ਦਾ ਚੈੱਕ ਦੇਣ ਦਾ ਐਲਾਨ ਤੇ ਇੱਕ ਜੀਅ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿੱਚ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਅੱਜ 123ਵੇਂ ਦਿਨ ਅਤੇ ਨਿਜਰਪੁਰਾ ਟੌਲ ਪਲਾਜ਼ਾ ’ਤੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ 28ਵੇਂ ਦਿਨ ਵੀ ਜਾਰੀ ਰਹੀ। ਨਿਜਰਪੁਰਾ ਟੌਲ ਪਲਾਜ਼ਾ ’ਤੇ ਸੁਲਤਾਨਵਿੰਡ ਪਿੰਡ ਤੋਂ 25 ਬੀਬੀਆਂ ਦੇ ਜਥੇ ਨੇ ਭੁੱਖ ਹੜਤਾਲ ਵਿੱਚ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਨੇ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਦੇ ਮੈਦਾਨ ’ਚ ਡਟੇ ਰਹਿਣ ਦਾ ਅਹਿਦ ਦੁਹਰਾਇਆ। ਅੱਜ ਲਖਵਿੰਦਰ ਸਿੰਘ ਵਰਿਆਮਨੰਗਲ, ਰਣਜੀਤ ਸਿੰਘ ਕਲੇਰਬਾਲਾ, ਗੁਰਭੇਜ ਸਿੰਘ ਝੰਡੇ, ਝਿਰਮਲ ਸਿੰਘ ਬੱਜੂਮਾਨ, ਸਰਵਣ ਸਿੰਘ ਕੋਟਲੀ ਦੀ ਅਗਵਾਈ ਹੇਠ ਜਥੇ ਧਰਨੇ ’ਚ ਸ਼ਾਮਲ ਹੋਏ।