ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਬੇੜੇ ਦਾ ਭਰੋਸਾ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਤਿਆਰ ਕੀਤੀ ਕੈਬਨਿਟ ਸਬ ਕਮੇਟੀ ਨੇ ਅੱਜ ਪੰਜ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਜਿਨ੍ਹਾਂ ਨੇ ਪੰਜਾਬ ਸਫ਼ਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫ਼ਾਈ ਮਜ਼ਦੂਰ ਸੀਵਰਮੈਨ ਯੂਨੀਅਨ, ਫ਼ਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਫ਼ਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀਆਂ ਨੇ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਦੇ ਨਾਲ ਹੀ ਕੈਬਨਿਟ ਸਬ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਬੋਰਡ ਵਿੱਚ ਅਸਾਮੀਆਂ ਦਾ ਵਿਸਤ੍ਰਿਤ ਰਿਕਾਰਡ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜੂਨੀਅਰ ਡਰਾਫ਼ਟਸਮੈਨ, ਕਲਰਕ, ਪੰਪ ਆਪਰੇਟਰਾਂ ਅਤੇ ਬੇਲਦਾਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕਰਮਚਾਰੀ ਯੂਨੀਅਨਾਂ ਵੱਲੋਂ ਰੱਖੇ ਗਏ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਵਿੱਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿਵਾਇਆ।