ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅਧਿਆਪਕ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਹੇਅਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਤਨਖਾਹਾਂ ਵਧਾਉਣ ਦੀ ਉਨ੍ਹਾਂ ਦੀ ਮੰਗ ’ਤੇ ਚਰਚਾ ਕਰਨਗੇ। ਅੱਜ ਇੱਥੇ ਮਗਸੀਪਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੂਬਾ ਵਿੱਤੀ ਬੋਝ ਹੇਠ ਦੱਬਿਆ ਹੋਇਆ ਹੈ।