ਵਿੱਤ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੀ ਮੰਗਾਂ ਦੇ ਹੱਲ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣਾਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਤਾਂ ਜੋ ਇਨ੍ਹਾਂ ਦਾ ਜਲਦ ਢੁਕਵਾਂ ਹੱਲ ਕੱਢਿਆ ਜਾ ਸਕੇ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਸੌਂਪੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1,200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50 ਫ਼ੀਸਦ ਅਨੁਪਾਤ ’ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।
ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ।
ਵਿੱਤ ਮੰਤਰੀ ਨੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਸੂਬਾ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ।
ਇਸ ਮੌਕੇ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।

