ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਾਜੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਮੰਗਾਂ ਬਾਰੇ ਵਿਚਾਰ-ਚਰਚਾ ਕੀਤੀ।
ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਕੀਤਾ ਜਾਵੇ। ਇਸ ਦੌਰਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗ ਪੱਤਰ ਸੌਂਪਦਿਆਂ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ। ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਨਿਸਟੀਰੀਅਲ ਸਟਾਫ਼ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ ਟੀ ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਲ ਸਨ। ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੁੂਆਂ ਨੂੰ ਭਰੋਸਾ ਦਿੱਤਾ ਕਿ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ
ਕੀਤਾ ਜਾਵੇਗਾ।

