ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ 24 ਅਗਸਤ
ਭਾਜਪਾ ਦੇ ਸਿੱਖ ਆਗੂ ਪ੍ਰੋਫੈ਼ਸਰ ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਇਸਲਾਮਿਕ ਵਿਦਿਅਕ ਅਦਾਰੇ ‘ਮਦਰੱਸਿਆਂ’ ਦੀ ਤਰਜ਼ ’ਤੇ ਸਿੱਖ ਵਿਦਿਅਕ ਅਦਾਰਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਇਹ ਅਪੀਲ ਉਨ੍ਹਾਂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਸੰਸਦੀ ਕਮੇਟੀ ਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਸਮੇਂ ਕੀਤੀ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਨੇ ਮੁਸਲਿਮ ਅਤੇ ਈਸਾਈ ਭਾਈਚਾਰੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ ਜਦਕਿ ਸਿੱਖ ਕੌਮ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਬਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਕਮਿਸ਼ਨ ਵੱਲੋਂ ਇੱਕ ਨਵੀਂ ਪਹਿਲਕਦਮੀ ਵਜੋਂ ਇਸਲਾਮੀ ਸਿੱਖਿਆ ਪ੍ਰਣਾਲੀ ਦੇ ਅਨਿੱਖੜਵੇਂ ਅੰਗ ਮਦਰੱਸਿਆਂ ਨੂੰ ਵੱਡੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।