ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਕਤੂਬਰ
ਇੱਥੋਂ ਦੇ ਬਰਲਟਨ ਪਾਰਕ ਵਿੱਚ ਨਿਰਧਾਰਤ ਥਾਵਾਂ ਤੋਂ ਬਿਨਾਂ ਪਟਾਕੇ ਵੇਚਣ ਦੀ ਆਗਿਆ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਪੁਲੀਸ ਜਗਮੋਹਨ ਸਿੰਘ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪਟਾਕਿਆਂ ਦੀ ਵੇਚ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਲਟਨ ਪਾਰਕ ਵਿੱਚ ਆਰਜੀ ਲਾਇਸੈਂਸ ਵਾਲੀਆਂ ਦੁਕਾਨਾਂ ਤੋਂ ਇਲਾਵਾ ਕਮਿਸ਼ਨਰੇਟ ਪੁਲੀਸ ਦੇ ਅਧਿਕਾਰ ਖੇਤਰ ਵਿੱਚ ਹੋਰ ਕਿਸੇ ਵੀ ਜਗ੍ਹਾ ’ਤੇ ਪਟਾਕੇ ਵੇਚਣ ਦੀ ਆਗਿਆ ਨਹੀਂ ਹੈ। ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਨੂੰ ਵੇਚਣ ਲਈ ਸਥਾਨ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਈਲੈਂਸ ਜ਼ੋਨ ਜਿਸ ਵਿੱਚ ਹਸਪਤਾਲ, ਵਿਦਿਅਕ ਅਦਾਰੇ ਦੇ ਨੇੜੇ ਪਟਾਕੇ ਚਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਸੁੱਚੀ ਪਿੰਡ ਦੀ ਹੱਦਬੰਦੀ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ। ਖਿਡੌਣਿਆਂ ਅਤੇ ਬਿਜਲਈ ਵਸਤਾਂ ਦੇ ਰੂਪ ਵਾਲੇ ਬਰਾਮਦ ਕੀਤੇ ਪਟਾਕਿਆਂ ’ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।