Firing in Ludhiana: ਲੁਧਿਆਣਾ ’ਚ ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ
ਗਗਨਦੀਪ ਅਰੋੜਾ
ਲੁਧਿਆਣਾ, 21 ਫਰਵਰੀ
ਸਨਅਤੀ ਸ਼ਹਿਰ ਦੇ ਭੋਲਾ ਕਲੋਨੀ ਤਾਜਪੁਰ ਰੋਡ ਨੇੜੇ ਗਿੱਲ ਫਾਰਮ ਹਾਊਸ ’ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਗੋਲੀਆਂ ਚੱਲੀਆਂ ਹਨ। ਜਾਣਕਾਰੀ ਅਨੁਸਾਰ ਮੌਕੇ ’ਤੇ ਕੁੱਲ 10 ਤੋਂ 15 ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿਚ ਸਹਿਮ ਪੈਦਾ ਹੋ ਗਿਆ। ਜਦੋਂ ਗੋਲੀਆਂ ਚਲੀਆਂ ਤਾਂ ਉਥੇ ਮੌਜੂਦ ਨੌਜਵਾਨ ਮੌਕੇ ਤੋਂ ਭੱਜ ਗਏ।
ਘਟਨਾ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਗੋਲੀਆਂ ਖੋਲ ਬਰਾਮਦ ਕੀਤੇ, ਜੋ ਕਿ ਜਾਂਚ ਲਈ ਭੇਜੇ ਜਾਣਗੇ।
ਐੱਸਐੱਚਓ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ। ਗੋਲੀਆ ਆਪਸੀ ਰੰਜਿਸ਼ ਕਾਰਨ ਚਲਾਈਆਂ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਗੋਲੀਆਂ ਚੱਲਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਣਕਾਰੀ ਦਿੱਤੀ ਕਿ ਇਕ ਪਲਾਟ ਦਾ ਇੱਕ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪੁਲੀਸ ਨੇ ਦੱਸਿਆ ਕਿ ਮੌਕੇ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।