Firozpur Heroin Smuggling: ਭਾਰਤ-ਪਾਕਿਸਤਾਨ ਸਰਹੱਦ ’ਤੇ 20 ਕਿਲੋ ਹੈਰੋਇਨ ਸਣੇ ਦੋ ਕਾਬੂ
ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
Firozpur Heroin Smuggling: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਸੀਮਾ ਸੁਰੱਖਿਆ ਬਲ ਅਤੇ ਐਂਟੀ ਨਾਰਕੋਟਿਕਸ ਟਾਸਕ ਫ਼ੋਰਸ ਫਿਰੋਜ਼ਪੁਰ ਰੇਂਜ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।
ਦੋਵਾਂ ਸੁਰੱਖਿਆ ਏਜੰਸੀਆਂ ਵੱਲੋਂ ਚਲਾਏ ਗਏ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਭੇਜਣ ਦੀ ਨਸ਼ਾ ਤਸਕਰਾਂ ਦੀ ਸਾਜ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਪੁਖ਼ਤਾ ਸੂਚਨਾ ਪ੍ਰਾਪਤ ਹੋਈ ਸੀ ਕਿ ਸਰਹੱਦ ਪਾਰ ਤੋਂ ਡਰੋਨ ਦੀ ਮਦਦ ਨਾਲ ਨਸ਼ੇ ਦੀ ਇੱਕ ਵੱਡੀ ਖੇਪ ਭਾਰਤ ਵੱਲ ਸਪਲਾਈ ਕੀਤੀ ਜਾਣ ਵਾਲੀ ਹੈ। ਇਸ ਇਤਲਾਹ ਦੇ ਆਧਾਰ 'ਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੀਐੱਐੱਫ ਅਤੇ ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਚੈਕਿੰਗ ਅਤੇ ਸਰਚ ਆਪ੍ਰੇਸ਼ਨ ਦੌਰਾਨ ਟੀਮਾਂ ਨੇ ਮੌਕੇ ’ਤੇ ਘੁੰਮ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਜਦੋਂ ਕਾਬੂ ਕੀਤੇ ਗਏ ਸ਼ੱਕੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਪੈਕੇਟ ਹੈਰੋਇਨ ਬਰਾਮਦ ਹੋਏ। ਸਾਰੇ ਪੈਕੇਟਾਂ ਦਾ ਕੁੱਲ ਵਜ਼ਨ ਤਕਰੀਬਨ 20 ਕਿੱਲੋ ਦੱਸਿਆ ਜਾ ਰਿਹਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ।
ਸੁਰੱਖਿਆ ਬਲਾਂ ਨੇ ਹੈਰੋਇਨ ਦੀ ਖੇਪ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮੁਲਜ਼ਮਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸਰਹੱਦ ਪਾਰ ਬੈਠੇ ਕਿਹੜੇ ਸਮੱਗਲਰਾਂ ਨਾਲ ਉਨ੍ਹਾਂ ਦੇ ਸਬੰਧ ਸਨ ਅਤੇ ਇਹ ਖੇਪ ਅੱਗੇ ਕਿਸ ਨੂੰ ਡਿਲਿਵਰ ਕੀਤੀ ਜਾਣੀ ਸੀ।

