ਸੰਤੋਖ ਗਿੱਲ
ਮੁੱਲਾਂਪੁਰ ਦਾਖਾ, 12 ਮਾਰਚ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਲਾਂਪੁਰ ਦੇ ਗੁਰਸ਼ਰਨ ਕਲਾ ਭਵਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਪਲੇਠੀ ਮੀਟਿੰਗ ਹੋਈ, ਜਿਸ ਵਿੱਚ ਕਿਸਾਨ ਸੰਘਰਸ਼ ’ਚ ਮੁੜ ਨਵੀਂ ਰੂਹ ਫੂਕਣ ਲਈ ਤਿਆਰੀ ਵਿੱਢੀ ਗਈ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਢੁੱਡੀਕੇ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਵਾਅਦਿਆਂ ਤੋਂ ਮੁਕਰੀ ਮੋਦੀ ਹਕੂਮਤ ਵਿਰੁੱਧ ਅਗਲੀ ਰਣਨੀਤੀ ਘੜੀ ਜਾਵੇਗੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ਕਾਂਡ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਦੀ ਥਾਂ ਯੋਗੀ ਸਰਕਾਰ ਗਵਾਹਾਂ ਨੂੰ ਡਰਾਉਣ-ਧਮਕਾਉਣ ਦੇ ਰਾਹ ਪਈ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਕਿਸਾਨ ਯੂਨੀਅਨ ਸਮੇਤ ਵਿਧਾਨ ਸਭਾ ਚੋਣਾਂ ਵਿਚ ਕਿਸਮਤ ਅਜਮਾਉਣ ਵਾਲੀਆਂ 8 ਕਿਸਾਨ ਜਥੇਬੰਦੀਆਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਨਕਾਰ ਦੇਣ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਲੋਕਾਂ ਨੇ ਕਿਸਾਨੀ ਮੰਗਾਂ ਲਈ ਸਮਰਥਨ ਦਿੱਤਾ ਸੀ ਅਤੇ ਚੋਣਾਂ ਲੜਨ ਬਾਰੇ ਕਿਸਾਨ ਮੋਰਚੇ ਦਾ ਫ਼ੈਸਲਾ ਹੀ ਨਹੀਂ ਸੀ।
ਕਿਸਾਨ ਜਥੇਬੰਦੀਆਂ ਦੇ ਚੋਣਾਂ ਵਿੱਚ ਹਾਰਨ ’ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੱਕੇ ਬੇਰਾਂ ਵਾਂਗ ਡਿੱਗੇ ਪੰਜ-ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਰਗੇ ਪਛਤਾਵਾ ਕਰਨ ਅਸੀਂ ਤਾਂ ਸੰਘਰਸ਼ਸ਼ੀਲ ਲੋਕ ਹਾਂ ਅਤੇ ਮੁੜ ਕਿਸਾਨੀ ਮੰਗਾਂ ਲਈ ਲੋਕਾਂ ਨੂੰ ਲਾਮਬੰਦ ਕਰਦੇ ਰਹਾਂਗੇ ਅਤੇ ਹਕੂਮਤ ਵਿਰੁੱਧ ਲੜਦੇ ਰਹਾਂਗੇ।
ਲਖੀਮਪੁਰ ਖੀਰੀ: ਗਵਾਹ ’ਤੇ ਹਮਲਾ ਸਾਜ਼ਿਸ਼ ਕਰਾਰ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਖੀਮਪੁਰ ਖੀਰੀ ਕਾਂਡ ਦੇ ਇੱਕ ਅਹਿਮ ਗਵਾਹ ਉੱਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਜਥੇਬੰਦੀ ਦੇ ਆਗੂਆਂ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਅਤੇ ਮਨਜੀਤ ਧਨੇਰ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਦੇ ਬੈਂਚ ਵੱਲੋਂ ਜ਼ਮਾਨਤ ਦੇਣ ਵੇਲੇ, ਉਨ੍ਹਾਂ ਨੇ ਅਜਿਹਾ ਕੁਝ ਵਾਪਰਨ ਦਾ ਖਦਸ਼ਾ ਪ੍ਰਗਟਾਇਆ ਸੀ ਤੇ ਜ਼ਮਾਨਤ ਖਾਰਜ ਕਰਨ ਦੀ ਮੰਗ ਕੀਤੀ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਿਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਅਪਰਾਧਿਕ ਰਿਕਾਰਡ ਸਾਬਤ ਕਰਦਾ ਹੈ ਕਿ ਅਜਿਹੇ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਕੇ ਗਵਾਹਾਂ ਨੂੰ ਮੁਕਰਾਉਣ ਲਈ ਅਜਿਹੀਆਂ ਸਾਜ਼ਿਸ਼ਾਂ ਰਚਦੇ ਹਨ। ਇਸੇ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ।