ਮੰਤਰੀ ਦੀ ਰਿਹਾਇਸ਼ ਅੱਗੇ ਪੰਜ ਰੋਜ਼ਾ ਪੱਕਾ ਧਰਨਾ ਸ਼ੁਰੂ
ਇਥੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਚੈਪਟਰ ਦੇ ਸੱਦੇ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਰਿਹਾਇਸ਼ ਅੱਗੇ 5 ਰੋਜ਼ਾ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਵਿੱਚ ਸ਼ਾਮਲ ਜਥੇਬੰਦੀ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ...
ਇਥੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਚੈਪਟਰ ਦੇ ਸੱਦੇ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਰਿਹਾਇਸ਼ ਅੱਗੇ 5 ਰੋਜ਼ਾ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਵਿੱਚ ਸ਼ਾਮਲ ਜਥੇਬੰਦੀ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹਾ ਵਾਲੇ, ਸੂਬਾ ਜੂਆਇੰਟ ਸਕੱਤਰ ਰਣਦੀਪ ਸਿੰਘ ਧਨੋਆ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ ਦੀ ਅਗਵਾਈ ਹੇਠ ਲੱਗੇ ਇਸ ਧਰਨੇ ਵਿੱਚ ਖਨੌਰੀ ਮੋਰਚੇ ਵਿੱਚੋਂ ਚੋਰੀ ਕੀਤਾ ਸਾਮਾਨ ਵਾਪਸ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਦੋਸ਼ ਲਾਇਆ ਕਿ ਖਨੌਰੀ ਬਾਰਡਰ ’ਤੇ ਸ਼ੁਰੂ ਕੀਤੇ ਕਿਸਾਨੀ ਅੰਦੋਲਨ ਦੌਰਾਨ ਵੱਡੇ ਪੱਧਰ ’ਤੇ ਟਰਾਲੀਆਂ ਤੇ ਹੋਰ ਸਾਮਾਨ ਚੋਰੀ ਕੀਤਾ ਗਿਆ ਸੀ। ਭਾਰੀ ਵਿਰੋਧ ਦੇ ਬਾਵਜੂਦ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆ ਕੇ ਕਿਸਾਨੀ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਭਰੋਸੇ ਦੇਣ ਦੇ ਬਾਵਜੂਦ ਬਿਜਲੀ ਸੋਧ ਬਿੱਲ ਰੱਦ ਨਹੀਂ ਕੀਤਾ ਜਾ ਰਿਹਾ ਅਤੇ ਪਿੰਡਾਂ ਵਿੱਚ ਸਮਾਰਟ ਮੀਟਰ ਲਗਾ ਕੇ ਖਪਤਕਾਰਾਂ ਦੀ ਨਵੀਂ ਲੁੱਟ ਦਾ ਰਾਹ ਖੋਲ੍ਹਿਆ ਜਾ ਰਿਹਾ ਹੈ। ਸਰਕਾਰੀ ਦਾਅਵਿਆਂ ਦੇ ਉਲਟ ਬਿਜਲੀ ਦੇ ਲੰਮੇ ਕੱਟਾਂ ਕਾਰਨ ਫ਼ਸਲਾਂ ਤਬਾਹ ਹੁੰਦੀਆਂ ਜਾ ਰਹੀਆਂ ਹਨ ਅਤੇ ਸਰਕਾਰ ਪਾਵਰਕੌਮ ਦੇ ਚੇਅਰਮੈਨ ਬਦਲ ਕੇ ਡੰਗ ਟਪਾ ਰਹੀ ਹੈ। ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਕਿਸਾਨਾਂ ਤੋਂ ਦੂਰੀ ਬਣਾਉਣ ਦੀ ਨੀਤੀ ਅਖਤਿਆਰ ਕੀਤੀ ਜਾ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਖਨੌਰੀ ਬਾਰਡਰ ਤੋਂ ਚੋਰੀ ਕੀਤਾ ਕਿਸਾਨਾਂ ਦਾ ਸਾਮਾਨ ਨਾ ਮੋੜਿਆ, ਲੈਂਡ ਪੂਲਿੰਗ ਨੀਤੀ ਵਾਪਸ ਨਾ ਲਈ ਅਤੇ ਪਿੰਡਾਂ ਵਿੱਚ ਸਮਾਰਟ ਮੀਟਰ ਲਾਉਣੇ ਬੰਦ ਨਾ ਕੀਤੇ ਤਾਂ ਸੂਬਾ ਪੱਧਰੀ ਤਿੱਖਾ ਸੰਘਰਸ਼ ਆਰੰਭ ਦਿੱਤਾ ਜਾਵੇਗਾ। ਇਸ ਮੌਕੇ ਜ਼ੋਨ ਪ੍ਰਧਾਨ ਦਸੂਹਾ ਜਸਵੀਰ ਕੌਰ ਨਰਾਇਣਗੜ੍ਹ ਸਮੇਤ ਵੱਡੀ ਗਿਣਤੀ ’ਚ ਆਗੂ ਅਤੇ ਕਿਸਾਨ ਹਾਜ਼ਰ ਸਨ।
ਈ ਟੀ ਓ ਦੇ ਘਰ ਦੇ ਬਾਹਰ ਧਰਨਾ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਸ਼ੁਰੂ ਕੀਤੇ ਧਰਨਿਆਂ ਦੀ ਕੜੀ ਤਹਿਤ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਵੱਖ-ਵੱਖ ਥਾਵਾਂ ’ਤੇ ਮੋਰਚੇ ਲਗਾਏ ਗਏ ਹਨ। ਇਨ੍ਹਾਂ ਮੋਰਚਿਆਂ ਵਿੱਚ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ, ਲੰਗਰ, ਦੁੱਧ, ਪ੍ਰਸ਼ਾਦੇ ਅਤੇ ਲੋੜੀਂਦਾ ਸਾਮਾਨ ਲੈ ਕੇ ਸ਼ਾਮਲ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਸਬੰਧਤ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਧਰਨੇ ਵਿੱਚ ਸਤਨਾਮ ਸਿੰਘ, ਬਾਬਾ ਗੁਰਬਚਨ ਸਿੰਘ ਚੱਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

