ਪੰਥਕ ਏਕਤਾ ਦੇ ਨਾਂ ’ਤੇ ਗੁਮਰਾਹ ਕਰ ਰਹੀ ਹੈ ਪੰਜ ਮੈਂਬਰੀ ਕਮੇਟੀ: ਚੀਮਾ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 28 ਜੂਨ
ਸ਼੍ੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਾ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਬਣਾਉਣ ’ਤੇ ਅੱਜ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸਮਰਥਕਾਂ ਸਣੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ, ਪੰਥਕ ਏਕਤਾ ਦੇ ਨਾਂ ’ਤੇ ਦੋਹਰੇ ਮਾਪਦੰਡ ਅਪਣਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਮਿਲ ਕੇ ਪੰਥਕ ਏਕਤਾ ਦੀ ਗੱਲ ਕਰਨਾ ਦਿਖਾਵਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧੀ ਵਿਧਾਨ ਅਨੁਸਾਰ ਹੋਈ ਭਰਤੀ ਨੂੰ ਇਹ ਪੰਜ ਮੈਂਬਰੀ ਕਮੇਟੀ ਸਵੀਕਾਰ ਨਹੀਂ ਕਰਦੀ ਪਰ ਦੂਜੇ ਪਾਸੇ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕੀਤੀ ਗਈ ਭਰਤੀ ’ਤੇ ਕਮੇਟੀ ਨੇ ਚੁੱਪ ਧਾਰੀ ਹੋਈ ਹੈ। ਡਾ. ਚੀਮਾ ਨੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦਾ ਮਾੜਾ ਹਾਲ ਹੈ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਤਹਿਤ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਇਸ ਮੌਕੇ ਸ਼੍ੋਮਣੀ ਕਮੇਟੀ ਦੇ ਅਗਜ਼ੈਕੇਟਿਵ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼੍ੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਦਰਬਾਰਾ ਸਿੰਘ ਬਾਲਾ, ਸਤਨਾਮ ਸਿੰਘ ਝੱਜ, ਹੁਸਨ ਚੰਦ ਮਠਾਣ ਤੇ ਅਕਾਲੀ ਵਰਕਰ ਤੇ ਆਗੂ ਮੌਜੂਦ ਸਨ।