ਨਸ਼ਾ ਤਸਕਰ ਗਰੋਹ ਦੇ ਪੰਜ ਮੈਂਬਰ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪੰਜ ਜਣਿਆਂ ਨੂੰ 1.01 ਕਿਲੋ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਆਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ 30 ਬੋਰ ਅਤੇ ਇੱਕ 9 ਐੱਮ ਐੱਮ ਦਾ ਗਲੋਕ ਪਿਸਤੌਲ ਸ਼ਾਮਲ ਹੈ। ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਸੋਸ਼ਲ ਮੀਡੀਆ ਮੰਚ ਰਾਹੀਂ ਪਾਕਿਸਤਾਨ ਆਧਾਰਤ ਸੰਚਾਲਕਾਂ ਨਾਲ ਤਾਲਮੇਲ ਕਰ ਰਹੇ ਸਨ। ਸਾਰੇ ਮੁਲਜ਼ਮ ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨਾਲ ਸਬੰਧਤ ਹਨ। ਪੁਲੀਸ ਕਮਿਸ਼ਨਰ (ਸੀ ਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਨੇੜੇ ਨਾਕਾਬੰਦੀ ਦੌਰਾਨ ਪੁਲੀਸ ਟੀਮਾਂ ਨੇ ਮੁਲਜ਼ਮ ਆਕਾਸ਼ ਮਸੀਹ ਅਤੇ ਪ੍ਰਿੰਸ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਇੱਕ 30 ਬੋਰ ਪਿਸਤੌਲ ਅਤੇ ਗਲੋਕ 9 ਐੱਮ ਐੱਮ ਪਿਸਤੌਲ ਬਰਾਮਦ ਕੀਤਾ ਸੀ। ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਕਰਨਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਤਿੰਨ 30 ਬੋਰ ਦੇ ਪਿਸਤੌਲਾਂ ਅਤੇ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਖੁਲਾਸੇ ’ਤੇ ਪੁਲੀਸ ਨੇ ਗੁਰਭੇਜ ਸਿੰਘ ਉਰਫ਼ ਭੇਜਾ ਨੂੰ 30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
