ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ਕਿਸਾਨ ਫੈੱਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਕਿਸਾਨੀ ਅਤੇ ਜਨਤਕ ਮੁੱਦਿਆਂ ’ਤੇ ਸਰਕਾਰ ਉਪਰ ਦਬਾਅ ਬਣਾਉਣ ਲਈ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਛੇ ਸਮੂਹਿਕ ਕਾਨਫਰੰਸਾਂ ਕਰਵਾਈਆਂ ਜਾਣਗੀਆਂ। ਮੀਟਿੰਗ ਦੀ ਪ੍ਰਧਾਨਗੀ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ 20 ਸਤੰਬਰ ਨੂੰ ਮੋਰਿੰਡਾ ਵਿੱਚ, 25 ਨੂੰ ਬੁੱਟਰ ਕਲਾਂ, ਅੰਮ੍ਰਿਤਸਰ, 5 ਨੂੰ ਨਾਭਾ, 10 ਨੂੰ ਹੰਡਿਆਇਆ ਤੇ 15 ਅਕਤੂਬਰ ਨੂੰ ਤਲਵੰਡੀ ਭਾਈਕੇ ਵਿੱਚ ਕਾਨਫਰੰਸਾਂ ਕੀਤੀਆਂ ਜਾਣਗੀਆਂ। ਉਨ੍ਹਾਂ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨੀਆਂ ਫ਼ਸਲਾਂ ਲਈ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ਅਨੁਸਾਰ ਮੁਆਵਜ਼ਾ ਤੇ ਸਬਸਿਡੀ ਵਾਲੀ ਮਸ਼ੀਨਰੀ ਨਾ ਦੇਣ ਲਈ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।