ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ’ਚ ਝੰਡਾ ਮਾਰਚ

ਸੂਬਾ ਸਰਕਾਰ ਦੀ ਸਿੱਖਿਆ ਕ੍ਰਾਂਤੀ ਝੂਠ ਦਾ ਪੁਲੰਦਾ ਕਰਾਰ; ਅਧਿਆਪਕਾਂ ਅਤੇ ਵਿਦਿਆਰਥੀਆਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਉਣ ਦਾ ਦੋਸ਼
ਰੋਸ ਮਾਰਚ ਦੀ ਸ਼ੁਰੂਆਤ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ।
Advertisement

ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 25 ਮਈ

Advertisement

ਅੱਜ ਇਥੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਪਿਆਰਾ ਪਾਰਕ ਤੋਂ ਸਿੱਖਿਆ ਮੰਤਰੀ ਦੇ ਹਲਕੇ ਨੰਗਲ ਤੱਕ ਵੱਖ-ਵੱਖ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਸੂਬਾ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ।

ਉਨ੍ਹਾਂ ਸਰਕਾਰ ’ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਬਾਜ ਸਿੰਘ ਖਹਿਰਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ, ਅਮਨਬੀਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਇਕੱਠੇ ਹੋਏ ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਨੇ ਜਾਣ ਬੁੱਝ ਕੇ ਤਿੰਨ ਸਾਲ ਤੋਂ ਅਧਿਆਪਕ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇ ਮੰਤਰੀ ਨੇ ਮੀਟਿੰਗ ਕੀਤੀ ਵੀ ਹੈ ਤਾਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਸਰਕਾਰ ਝੂਠ ਦਾ ਪ੍ਰਚਾਰ ਕਰ ਰਹੀ ਹੈ।

ਅਧਿਆਪਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਤੋਂ ਗੈਰ-ਵਿਦਿਅਕ ਕੰਮ ਲਏ ਜਾ ਰਹੇ ਹਨ ਅਤੇ ਜਾਣ ਬੁੱਝ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਤੇਲਗੂ ਪੜ੍ਹਾਉਣ ਦਾ ਫ਼ੈਸਲਾ ਪੂਰਨ ਤੌਰ ’ਤੇ ਗਲਤ ਹੈ।

ਅਧਿਆਪਕਾਂ ਨੇ ਮੰਗ ਕੀਤੀ ਕਿ ਨੈਸ਼ਨਲ ਐਜੂਕੇਸ਼ਨ ਪਾਲਸੀ 2020 ਨੂੰ ਪੂਰਨ ਤੌਰ ’ਤੇ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਦੀ ਰਾਏ ਨਾਲ ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਤੇ ਅਮੀਰ ਪਰੰਪਰਾਵਾਂ ’ਤੇ ਅਧਾਰਿਤ ਨਵੀਂ ਸਿੱਖਿਆ ਨੀਤੀ ਬਣਾਉਣੀ ਚਾਹੀਦੀ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਰੈਗੂਲਰ ਭਰਤੀ, ਪੂਰੀਆਂ ਤਨਖਾਹਾਂ ਦੇਣ, ਅਧਿਆਪਕਾਂ ਦੀਆਂ ਬਦਲੀਆਂ, ਰੈਸ਼ਨਲਾਈਜੇਸ਼ਨ ਤੇ ਅਧਿਆਪਕਾਂ ਤੋਂ ਕੇਵਲ ਵਿਦਿਅਕ ਕੰਮ ਲੈਣ ਸਬੰਧੀ ਸਿੱਖਿਆ ਵਿਭਾਗ ਇੱਕ ਠੋਸ ਨੀਤੀ ਬਣਾਏ ਤੇ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਮੰਗਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕਰੇ। ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਅਧਿਆਪਕਾਂ ਨੇ ਮਾਰਚ ਸ਼ਿਰਕਤ ਕੀਤੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Advertisement