ਜੋਗਿੰਦਰ ਸਿੰਘ ਮਾਨ
ਮਾਨਸਾ, 16 ਫਰਵਰੀ
ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਨੌਜਵਾਨ ਪੀੜ੍ਹੀ ਦਾ ਰੋਬੋਟ ਤਕਨਾਲੋਜੀ ਪ੍ਰਤੀ ਉਤਸ਼ਾਹ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ ’ਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਮੋਹਰੀ ਰਹੇ। ਸਿੱਖਿਆ ਵਿਭਾਗ ਦੇ ਸੂਬਾ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੇਸ਼ ਭਰ ਦੇ ਸਰਕਾਰੀ ਸਕੂਲਾਂ ’ਚੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਪੂਰੇ ਦੇਸ਼ ’ਚੋਂ 100 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ’ਚ 18 ਵਿਦਿਆਰਥੀ ਪੰਜਾਬ ਦੇ ਸਨ। ਇਸ ਤਰ੍ਹਾਂ ਦੇਸ਼ ਭਰ ’ਚੋਂ ਗਿਣਤੀ ਪੱਖੋਂ ਪੰਜਾਬ ਪਹਿਲੇ ਸਥਾਨ ’ਤੇ ਰਿਹਾ ਅਤੇ ਪੰਜਾਬ ਦੇ ਇਨ੍ਹਾਂ ਮਾਣਮੱਤੇ 18 ਵਿਦਿਆਰਥੀਆਂ ’ਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਜੇਵਾਲਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਰਨਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸੰਜੀਵ ਕੁਮਾਰ ਬਾਂਸਲ, ਡਿਪਟੀ ਡੀਈਓ ਜਗਰੂਪ ਭਾਰਤੀ ਨੇ ਦੱਸਿਆ ਕਿ ਸਿਖਰਲੇ ਸੌ ਵਿਦਿਆਰਥੀਆਂ ’ਚ ਸ਼ਾਮਲ ਹੋਣ ਵਾਲੇ ਉਕਤ ਸਕੂਲ ਦੇ ਵਿਦਿਆਰਥੀਆਂ ਨੂੰ ਲੈਪਟਾਪ ਨਾਲ ਸਨਮਾਨਿਆ ਗਿਆ। ਸਕੂਲ ਦੇ ਪ੍ਰਿੰਸੀਪਲ ਵਿਜੈ ਜਿੰਦਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ’ਚ ਰੋਬੋਟ ਤਕਨਾਲੋਜੀ ਪ੍ਰਤੀ ਰੁਚੀ ਤੇ ਪੜ੍ਹਾਈ ਲਈ ਉਤਸ਼ਾਹ ਪੈਦਾ ਕਰਨਾ ਹੈ।