ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੀ ਮਾਰ: ਕੈਬਨਿਟ ਮੰਤਰੀਆਂ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਬਰਿੰਦਰ ਗੋਇਲ ਤੇ ਤਰੁਨਪ੍ਰੀਤ ਸੌਂਦ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ; ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਪਾਣੀ ਭਰਨ ਕਾਰਨ ਟਰੈਕਟਰ ’ਤੇ ਬੈਠ ਕੇ ਇਲਾਕੇ ਦਾ ਦੌਰਾ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸੌਂਦ।
Advertisement

ਪਰਮਜੀਤ ਸਿੰਘ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉੱਥੇ ਤਰੁਨਪ੍ਰੀਤ ਸਿੰਘ ਸੌਂਦ ਵੀ ਪਿੰਡ ਮੁਹਾਰ ਜਮਸ਼ੇਰ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਪੁੱਛਿਆ।

Advertisement

ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡ ਨੂੰ ਜੋੜਨ ਵਾਲੀ ਸੜਕ ’ਤੇ ਪਾਣੀ ਹੋਣ ਕਾਰਨ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਪਿੰਡ ਮੁਹਾਰ ਜਮਸ਼ੇਰ ਦੇ ਅੰਦਰ ਤੱਕ ਟਰੈਕਟਰ ਰਾਹੀਂ ਗਏ। ਹਾਲਾਂਕਿ ਪਿੰਡ ਦੇ ਅੰਦਰ ਪਾਣੀ ਦਾਖ਼ਲ ਨਹੀਂ ਹੋਇਆ ਅਤੇ ਸਾਰੇ ਘਰ ਸੁਰੱਖਿਅਤ ਹਨ। ਗੱਲਬਾਤ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸ਼ਕਲਾਂ ਦਾ ਫ਼ੌਰੀ ਹੱਲ ਕਰਨਾ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਉਪਰਾਲੇ ਕੀਤੇ ਗਏ ਹਨ ਅਤੇ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਹੜ੍ਹ ਪੀੜਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ ਵੀ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸਾਰੇ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਇਲਾਕੇ ਵਿੱਚ ਕੱਚੀਆਂ ਜ਼ਮੀਨਾਂ ਦਾ ਮੁੱਦਾ ਕੈਬਨਿਟ ਮੰਤਰੀ ਸਾਹਮਣੇ ਰੱਖਿਆ।

ਇਸ ’ਤੇ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸ਼ੇ ਬਾਰੇ ਕਮੇਟੀ ਪਹਿਲਾਂ ਹੀ ਕੰਮ ਕਰ ਰਹੀ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵੀ ਹਾਜ਼ਰ ਸਨ।

Advertisement
Show comments