ਹੜ੍ਹ ਦੀ ਮਾਰ: ਮੁੱਖ ਮੰਤਰੀ ਵੱਲੋਂ ਮੁੜ ਵਸੇਬੇ ਦੇ ਕਾਰਜਾਂ ਦਾ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਚੱਲ ਰਹੇ ਸਫ਼ਾਈ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਇੰਜਨੀਅਰਿੰਗ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨੁਕਸਾਨੀ ਗਈ ਜਨਤਕ ਤੇ ਨਿੱਜੀ ਜਾਇਦਾਦਾਂ, ਮਕਾਨਾਂ, ਦੁਕਾਨਾਂ ਅਤੇ ਹੋਰ ਨੁਕਸਾਨੇ ਗਏ ਢਾਂਚਿਆਂ ਦਾ ਸਰਵੇਖਣ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐੱਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕਰਦਿਆਂ ਕਿਹਾ ਕਿ ਨੁਕਸਾਨ ਦੀ ਰਿਪੋਰਟ ਛੇਤੀ ਤਿਆਰ ਕਰ ਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਲੋਕਾਂ ਲਈ ਢੁੱਕਵੀਂ ਰਾਹਤ ਅਤੇ ਮੁਆਵਜ਼ੇ ਲਈ ਬਣਦੀ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐੱਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਟੋਏ ਭਰਨ ਦਾ ਕੰਮ ਮੌਨਸੂਨ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਹੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਹਨ। ਉਨ੍ਹਾਂ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪਾਣੀ ਨਾਲ ਭਰੇ ਇਲਾਕਿਆਂ ਵਿੱਚੋਂ ਗਾਰ, ਰੇਤ ਤੇ ਹੋਰ ਮਲਬੇ ਨੂੰ ਜਲਦ ਕੱਢਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰ ਕੇ ਵੱਡੇ ਕਸਬਿਆਂ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸੰਚਾਰ ਤੇ ਸਹਾਇਤਾ ਲਈ ਨੋਡਲ ਅਫ਼ਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣ।
ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਸਾਫ-ਸਫਾਈ ਦੇ ਕੰਮਾਂ ਵਿੱਚ ਦੇਰੀ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।
ਮੁੱਖ ਮੰਤਰੀ ਵੱਲੋਂ ਪੁਲੀਸ ਅਫ਼ਸਰਾਂ ਨੂੰ 24 ਘੰਟੇ ਚੌਕਸ ਰਹਿਣ ਦੇ ਆਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅੱਜ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਪੁਲੀਸ ਅਧਿਕਾਰੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ’ਤੇ ਨਜ਼ਰ ਰੱਖਣ ਅਤੇ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਬਹਾਲੀ ਲਈ 24 ਘੰਟੇ ਚੌਕਸ ਰਹਿਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਰਕੇ ਲੱਖਾਂ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਦਾ ਸਮੇਂ ਸਿਰ ਮੁੜ ਵਸੇਬਾ ਯਕੀਨੀ ਬਣਾਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲੀਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰੇ ਤਾਂ ਜੋ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਿਕੇ। ਉਨ੍ਹਾਂ ਹੜ੍ਹ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਸਮੱਗਰੀ ਯਕੀਨੀ ਪੁੱਜਦੀ ਕਰਨ ਲਈ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੌਕਸੀ ਰੱਖੀ ਜਾਵੇ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੁਲੀਸ ਅਧਿਕਾਰੀਆਂ ਦੇ ਕਾਰਜ ਦੀ ਸ਼ਲਾਘਾ ਕੀਤੀ।