ਹੜ੍ਹਾਂ ਦੀ ਮਾਰ: ਧਾਮੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੀ ਅਪੀਲ
ਜਗਤਾਰ ਸਿੰਘ ਲਾਂਬਾ
ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਾਂ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਿਆਂ ਦੀ ਸਾਂਭ-ਸੰਭਾਲ ਵੱਲ ਧਿਆਨ ਦਿੱਤਾ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ ਜਾਣ।
ਧਾਮੀ ਨੇ ਕਿਹਾ ਕਿ ਇਸ ਸੰਕਟ ’ਚੋਂ ਨਿਕਲਣ ਲਈ ਇਕਜੁੱਟਤਾ ਨਾਲ ਕਾਰਜ ਕੀਤੇ ਜਾਣ। ਸ਼੍ਰੋਮਣੀ ਕਮੇਟੀ ਨੇ ਇਸ ਔਖੇ ਸਮੇਂ ਆਪਣੇ ਪ੍ਰਬੰਧ ਵਾਲੇ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸਹਿਯੋਗ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਤ ਲਈ ਸਰਾਵਾਂ ਅਤੇ ਲੰਗਰ ਦੇ ਪ੍ਰਬੰਧ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਜਿੱਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੀ ਜ਼ਰੂਰਤ ਹੈ, ਉਥੇ ਹੀ ਗੁਰੂ ਘਰਾਂ ਵਿੱਚੋਂ ਪਾਵਨ ਸਰੂਪਾਂ ਦਾ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਵੀ ਜ਼ਰੂਰੀ ਹੈ।
ਕਰਤਾਰਪੁਰ ਸਾਹਿਬ ’ਚ ਪਾਣੀ ਭਰਨ ’ਤੇ ਚਿੰਤਾ ਜਤਾਈ
ਐਡਵੋਕੇਟ ਧਾਮੀ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਅੰਦਰ ਪਾਣੀ ਆ ਜਾਣ ’ਤੇ ਵੀ ਚਿੰਤਾ ਜ਼ਾਹਰ ਕੀਤੀ ਹੈ। ਧਾਮੀ ਨੇ ਕਿਹਾ ਕਿ ਇਸ ਇਤਿਹਾਸਕ ਅਸਥਾਨ ਦਾ ਪਾਣੀ ਨਾਲ ਭਰਿਆ ਦ੍ਰਿਸ਼ ਵੇਖ ਕੇ ਮਨ ਨੂੰ ਗਹਿਰੀ ਪੀੜਾ ਪੁੱਜੀ ਹੈ। ਐਡਵੋਕੇਟ ਧਾਮੀ ਨੇ ਮੁੜ ਕਿਹਾ ਕਿ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਹਰ ਸਮੇਂ ਹਾਜ਼ਰ ਹੈ ਅਤੇ ਲੋੜੀਂਦੀਂਆਂ ਸੇਵਾਵਾਂ ਲਈ ਗੁਰਦੁਆਰਿਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।