ਹੜ੍ਹਾਂ ਦੀ ਮਾਰ: ਸ਼੍ਰੋਮਣੀ ਅਕਾਲੀ ਦਲ 50 ਹਜ਼ਾਰ ਗ਼ਰੀਬ ਪਰਿਵਾਰਾਂ ਨੂੰ ਵੰਡੇਗਾ ਕਣਕ
ਸੁਖਬੀਰ ਬਾਦਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 500 ਫੌਗਿੰਗ ਮਸ਼ੀਨਾਂ ਨੂੰ ਰਵਾਨਾ ਕੀਤਾ
ਆਤਿਸ਼ ਗੁਪਤਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਰੀਬ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਜਲਦ ਹੀ ਕਣਕ ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਇਸ ਦਾ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਸਾਰੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੂੰ ਬਿਮਾਰੀਆਂ ਤੋਂ ਬਚਾਉਣ ਲਈ 500 ਫੌਗਿੰਗ ਮਸ਼ੀਨਾਂ ਨੂੰ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਸੌਂਪਿਆ ਗਿਆ ਹੈ। ਇਹ ਕਾਫਲਾ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡਾਂ ਵਿੱਚ ਫੌਗਿੰਗ ਕਰੇਗਾ। ਸ੍ਰੀ ਬਾਦਲ ਨੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੜ੍ਹ ਰਾਹਤ ਵੰਡ ਦੀ ਵਿਆਪਕ ਯੋਜਨਾ ਨੂੰ ਅੰਤਿਮ ਰੂਪ ਦਿੱਤਾ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਵੱਲੋਂ ਹੜ੍ਹ ਰਾਹਤ ਮੁਹਿੰਮ ਤਹਿਤ ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 500 ਟਰੱਕ ਮੱਕੀ ਦਾ ਅਚਾਰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਬਜ਼ਰਵਰਾਂ ਨੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕਰ ਕੇ ਵਾਧੂ ਨੁਕਸਾਨੇ ਗਏ ਇਲਾਕਿਆਂ ਦੀ ਵੱਖਰੇ ਤੌਰ ’ਤੇ ਨਿਸ਼ਾਨਦੇਹੀ ਕੀਤੀ ਹੈ। ਉਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਅਪੀਲ ਕੀਤੀ ਕਿ ਹੜ੍ਹ ਮਾਰੇ ਲੋਕਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡੀਜ਼ਲ, ਪੋਕਲੇਨ ਮਸ਼ੀਨਾਂ ਤੇ ਹੋਰ ਲੋੜੀਂਦਾ ਸਾਮਾਨ ਭੇਜਣ ਦੇ ਨਿਰਦੇਸ਼ ਦਿੱਤੇ।