ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਤੇ ‘ਉੱਡਣੇ ਸਿੱਖ’ ਵਜੋਂ ਮਕਬੂਲ ਉੱਘੇ ਅਥਲੀਟ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਉਨ੍ਹਾਂ ਨੂੰ ਪਿਛਲੇ ਮਹੀਨੇ ਕੋਵਿਡ-19 ਦੀ ਲਾਗ ਲਈ ਪਾਜ਼ੇਟਿਵ ਪਾਇਆ ਗਿਆ ਸੀ। ਉਹ ਉਦੋਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਨਿਘਰਦੀ ਜਾ ਰਹੀ ਸੀ। ਪਰਿਵਾਰ ਮੁਤਾਬਕ ਉਨ੍ਹਾਂ ਸ਼ਾਮ ਚਾਰ ਵਜੇ ਦੇ ਕਰੀਬ ਆਖਰੀ ਸਾਹ ਲਏ।