ਪੱਤਰ ਪ੍ਰੇਰਕ
ਨਵੀਂ ਦਿੱਲੀ , 6 ਜਨਵਰੀ
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨ ਸੂਬੇ ’ਚ ਲਾਗੂ ਕਰ ਕੇ ਅਤੇ ਉਸ ਤੋਂ ਬਾਅਦ ਕਿਸਾਨਾਂ ਨੂੰ ਇਸ ਸਬੰਧੀ ਝੂਠ ਬੋਲ ਕੇ ਉਨ੍ਹਾਂ ਨਾਲ ਗ਼ੱਦਾਰੀ ਕਰਨ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਅੱਜ ਪਾਰਟੀ ਹੈੱਡਕੁਆਰਟਰ ਉੱਤੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਆਗੂ ਤੇ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਤੇ ਅਮਿਤ ਸ਼ਾਹ ਦੇ ਇਸ਼ਾਰਿਆਂ ’ਤੇ ਕਾਰਜ ਕਰ ਰਹੇ ਹਨ। ਚੱਢਾ ਤੇ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਬਾਰਾ ਪੱਤਰਕਾਰਾਂ ਸਾਹਮਣੇ ਇਹ ਕਬੂਲ ਕਰ ਲੈਣਾ ਕਿ ਪੰਜਾਬ ਵਿਚ ਕੇਂਦਰ ਦੇ ਤਿੰਨੇ ਖੇਤੀ ਕਾਨੂੰਨ ਲਾਗੂ ਹਨ ਤੇ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਇਨ੍ਹਾਂ ਕਾਨੂੰਨਾਂ ਦੇ ਅੰਤਰਗਤ ਹੀ ਕੀਤੀ ਗਈ ਹੈ ਤੇ ਉਹ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਨੂੰ ਪੰਜਾਬ ਵਿਚ ਵੇਚਣ ਤੋਂ ਇਸ ਲਈ ਨਹੀਂ ਰੋਕ ਸਕੇ ਕਿਉਂਕਿ ਕੇਂਦਰੀ ਕਾਨੂੰਨ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ, ਨਾਲ ਇਹ ਸਿੱਧ ਹੋ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਝੂਠ ਹੀ ਬੋਲ ਰਹੇ ਸਨ। ‘ਆਪ’ ਆਗੂਆਂ ਨੇ ਕਿਹਾ ਕਿ ਆਸ਼ੂ ਨੇ ਇਹ ਵੀ ਮੰਨਿਆ ਹੈ ਕਿ ਆਉਂਦੇ ਸੀਜ਼ਨ ਵਿਚ ਕਣਕ ਦੀ ਖਰੀਦ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦੇ ਅਧੀਨ ਹੀ ਕੀਤੀ ਜਾਵੇਗੀ।