ਆਤਿਸ਼ ਗੁਪਤਾ
ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ’ਚ ਦਹਾਕੇ ਤੋਂ ਵੱਧ ਸਮੇਂ ਤੋਂ ਠੇਕਾ ਆਧਾਰ ’ਤੇ ਕੰਮ ਕਰਦੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੱਕਾ
ਕਰ ਦਿੱਤਾ ਹੈ।
ਇਨ੍ਹਾਂ ਨੂੰ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਲਾਉਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਵਾਂ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਹਟ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸ਼ਾਸਨ ਕਾਲ ਦੇ ਅਖੀਰ ਵਿੱਚ ਕੁੱਝ ਰਿਆਇਤਾਂ ਦੇ ਕੇ ਲੋਕਾਂ ਬੇਵਕੂਫ਼ ਬਣਾਇਆ, ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਮੁਸੀਬਤਾਂ ਘਟਾਉਣ ਵੱਲ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਦੇ ਰਹੇ ਅਤੇ ਉਨ੍ਹਾਂ ਕਦੇ ਵੀ ਪੰਜਾਬ ਦੇ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿਆਣੇ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦਾ ਨੁਕਸਾਨ ਕਰਨ ਵਾਲੀਆਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ‘ਆਪ’ ਨੂੰ ਵੱਡਾ ਫ਼ਤਵਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਨੌਜਵਾਨਾਂ ਨੂੰ ਨਵੀਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਨ ਵਾਲਿਆਂ ਨੂੂੰ ਪੱਕਾ ਕੀਤਾ ਜਾਵੇਗਾ।