ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਫਰਵਰੀ
ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਵਿਧਾਇਕ ਅਵਤਾਰ ਸਿੰਘ ਕਾਲਕਾ ਨੇ ਅਰਵਿੰਦ ਕੇਜਰੀਵਾਲ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਹਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਤਾਰ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ’ਚ ਸਰਕਾਰ ਬਣਨ ਤੋਂ ਪਹਿਲਾਂ ਸਕੂਲਾਂ ਵਿਚ 1400 ਪੰਜਾਬੀ ਅਧਿਆਪਕ ਸਨ ਜਿਨ੍ਹਾਂ ਦੀ ਗਿਣਤੀ ਹੁਣ 450 ਰਹਿ ਗਈ ਹੈ। ਕੇਜਰੀਵਾਲ ਸਰਕਾਰ ਨੇ ਸਾਲ 2016 ਵਿਚ ਪੰਜਾਬੀ ਨੂੰ ਵਾਧੂ ਵਿਸ਼ਾ ਕਰਾਰ ਦੇ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਾਲ 2017 ਵਿਚ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ 800 ਦੇ ਕਰੀਬ ਪੰਜਾਬੀ ਅਧਿਆਪਕ ਭਰਤੀ ਕੀਤੇ ਜਾਣਗੇ ਪਰ ਇਹ ਵਾਅਦਾ ਵਫ਼ਾ ਨਾ ਹੋਇਆ ਤੇ ਦਿੱਲੀ ਸਰਕਾਰ ਨੇ ਸਿਰਫ 40 ਅਧਿਆਪਕ ਹੀ ਭਰਤੀ ਕੀਤੇ ਹਨ।
ਅਵਤਾਰ ਸਿੰਘ ਕਾਲਕਾ ਨੇ ਹੈਰਾਨੀ ਪ੍ਰਗਟਾਈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐੱਚ ਐੱਸ ਹੰਸਪਾਲ ਨੂੰ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਹੈ ਜਦਕਿ ਉਨ੍ਹਾਂ ’ਤੇ ਇਹ ਦੋਸ਼ ਲੱਗੇ ਸਨ ਕਿ ਉਸ ਨੇ ’84 ਦੇ ਦੰਗਿਆਂ ’ਚ ਸਜ਼ਾਯਾਫਤਾ ਸੱਜਣ ਕੁਮਾਰ ਦੇ ਹੱਕ ਵਿਚ ਗਵਾਹਾਂ ਨੂੰ ਮੁਕਰਾਉਣ ਵਿਚ ਭੂਮਿਕਾ ਨਿਭਾਈ ਸੀ। ਸ੍ਰੀ ਕਾਲਕਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ।