ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ’ਤੇ ਜਵਾਬੀ ਹਮਲਾ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ’ਚ ‘ਆਪ’ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ। ਇਸ ਬਾਰੇ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ 1 ਜੂਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤੀ ਨਾਲ ਪੰਜਾਬ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਚੰਨੀ ਦੀ ਸਰਕਾਰ ਵਿੱਚ ਵੱਡੀ ਗਿਣਤੀ ’ਚ ਭ੍ਰਿਸ਼ਟਾਚਾਰ ਤੇ ਘੁਟਾਲੇ ਹੋਏ ਸਨ। ਸ੍ਰੀ ਗਰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਮਾਮਲਿਆਂ ਵਿੱਚ ਜੇਲ੍ਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਨੂੰ ਸਭ ਤੋਂ ਵੱਡਾ ਫ਼ਤਵਾ ਦਿੱਤਾ ਹੈ ਤੇ ‘ਆਪ’ ਲੋਕਾਂ ਦੇ ਫ਼ੈਸਲੇ ਦਾ ਪੂਰਾ ਸਤਿਕਾਰ ਕਰਦੀ ਹੈ।