ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 2 ਅਗਸਤ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਅੱਜ ਦੇਰ ਸ਼ਾਮ ਇੱਕ ਸੀਨੀਅਰ ਉੱਚ ਅਧਿਕਾਰੀ ਨੇ ਕੀਤੀ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਅਪਰਾਧਿਕ ਕੇਸ ਦਰਜ ਕਰਨ ਮਗਰੋਂ ਪੰਜਾਬ ਦੇ ਸਾਬਕਾ ਪੁਲੀਸ ਮੁਖੀ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ।