ਹੜ੍ਹਾਂ ਬਾਰੇ ਸਾਬਕਾ ਜੱਜ ਤੋਂ ਕਰਵਾਈ ਜਾਵੇ ਜਾਂਚ: ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਿਸੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਰਵਾਈ ਜਾਣੀ ਚਾਹੀਦੀ ਹੈ। ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬੁਲਾਇਆ ਵਿਧਾਨ ਸਭਾ ਸੈਸ਼ਨ ਵੀ ਅਸਲ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਸ੍ਰੀ ਜਾਖੜ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਗ਼ੈਰ-ਤਜਰਬੇਕਾਰ ਕੰਪਨੀ ਨੂੰ ਮਾਧੋਪੁਰ ਹੈੱਡਵਰਕਸ ਦੀ ਸੁਰੱਖਿਆ ਦੀ ਜਾਂਚ ਦਾ ਠੇਕਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਸਭ ਤੋਂ ਵੱਧ ਤਬਾਹੀ ਰਾਵੀ ਦਰਿਆ ਨੇ ਮਚਾਈ ਹੈ, ਜਿਸ ਵਿੱਚ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਆਉਂਦਾ ਹੈ। ਇਹ ਪੂਰੀ ਤਰ੍ਹਾਂ ਸੂਬਾ ਸਰਕਾਰ ਦੇ ਕੰਟਰੋਲ ਹੇਠ ਹੈ। ਇਸ ਦਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਜਾਂ ਕੇਂਦਰ ਸਰਕਾਰ ਨਾਲ ਕੋਈ ਸਬੰਧ ਨਹੀਂ। ਸੂਬਾ ਸਰਕਾਰ ਨੇ ਰਣਜੀਤ ਸਾਗਰ ਡੈਮ ਵਿੱਚੋਂ ਆਪਣੀ ਗ਼ਲਤੀ ਨਾਲ ਇਕਦਮ ਭਾਰੀ ਮਾਤਰਾ ਵਿੱਚ ਪਾਣੀ ਛੱਡ ਦਿੱਤਾ। ਇਸ ਤੋਂ ਬਾਅਦ ਮਾਧੋਪੁਰ ਹੈੱਡਵਰਕਸ ’ਤੇ ਪਾਣੀ ਪਹੁੰਚਣ ਤੋਂ ਪਹਿਲਾਂ ਉੱਥੇ ਗੇਟ ਨਹੀਂ ਖੁੱਲ੍ਹਵਾਏ ਜਿਸ ਨੇ ਪੰਜਾਬ ਵਿੱਚ ਤਬਾਹੀ ਮਚਾਈ।
ਭਾਜਪਾ ਖ਼ਿਲਾਫ਼ ਝੂਠ ਫੈਲਾਉਣ ਬਾਰੇ ਪੁਲੀਸ ਨੂੰ ਸ਼ਿਕਾਇਤ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਏਆਈ ਆਧਾਰਿਤ ਵੀਡੀਓਜ਼ ਚਲਾਈਆਂ ਜਾ ਰਹੀਆਂ ਹਨ ਅਤੇ ਹੜ੍ਹਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਅੱਜ ਚੰਡੀਗੜ੍ਹ ਦੇ ਥਾਣਾ ਸੈਕਟਰ-39 ਦੀ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ।
ਹੜ੍ਹਾਂ ਦੀ ਜਾਂਚ ਲਈ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਆਏ ਹੜ੍ਹਾਂ ਬਾਰੇ ਗੰਭੀਰ ਸਵਾਲ ਉਠਾਏ ਅਤੇ ਇਨ੍ਹਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮਗਰੋਂ ਉੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਵਿੱਚੋਂ 26 ਅਗਸਤ ਨੂੰ ਇਕਦਮ ਛੇ ਲੱਖ ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਕਰ ਕੇ ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਵਧੇਰੇ ਨੁਕਸਾਨ ਹੋਇਆ ਹੈ। ਕੁਦਰਤੀ ਕਹਿਰ ਦੇ ਨਾਲ-ਨਾਲ ਇਹ ਪ੍ਰਸ਼ਾਸਕੀ ਅਸਫ਼ਲਤਾ ਵੀ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਸਮੇਂ ਸ਼ਾਹਪੁਰ ਕੰਢੀ ਡੈਮ ਅਤੇ ਮਾਧੋਪੁਰ ਹੈੱਡਵਰਕਸ ਨਾਲ ਸੰਪਰਕ ਨਹੀਂ ਕੀਤਾ ਗਿਆ, ਜੇਕਰ ਸੰਪਰਕ ਕੀਤਾ ਸੀ ਤਾਂ ਮਾਧੋਪੁਰ ਹੈੱਡਵਰਕਸ ਦੇ ਗੇਟ ਕਿਉਂ ਨਹੀਂ ਖੋਲ੍ਹੇ ਗਏ।