ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 27 ਦਸੰਬਰ
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਮੁਹਾਲੀ ਹਲਕੇ ਤੋਂ ‘ਆਪ’ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜਨ ਦੀਆਂ ਕਿਆਸ-ਆਰਾਈਆਂ ਲਗਾਈਆਂ ਜਾ ਰਹੀਆਂ ਸਨ ਤੇ ਅੱਜ ‘ਆਪ’ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੇ ਚੋਣ ਲੜਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨਾਲ ਕਈ ਮੌਜੂਦਾ ਕੌਂਸਲਰ ਤੇ ਸਾਬਕਾ ਕੌਂਸਲਰਾਂ ਸਮੇਤ ਸ਼ਹਿਰ ਦੇ ਕਈ ਮੋਹਤਬਰਾਂ ਨੇ ਵੀ ਝਾੜੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਇਕੱਲੇ ਮੁਹਾਲੀ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਕਾਂਗਰਸ ਸਰਕਾਰ ਦੇ ਘਪਲਿਆਂ ਦੀ ਉੱਚ ਪੱਧਰੀ ਜਾਂਚ ਕਾਰਵਾਈ ਜਾਵੇਗੀ ਤੇ ਭ੍ਰਿਸ਼ਟ ਕਾਂਗਰਸੀ ਮੰਤਰੀਆਂ ਤੇ ਆਗੂਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਜੋ ਵੀ ਸੇਵਾ ਅਤੇ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।