ਨਵੀਂ ਦਿੱਲੀ (ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ ਆਪਣੇ 50 ਸਾਲ ਪੁਰਾਣੇ ਰਿਸ਼ਤੇ ਨੂੰ ਤੋੜਨ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਆਗੂ ਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਦੀ ਇਕਾਈ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੌਰਾਨ ਉਨ੍ਹਾਂ ਇੱਕ ਫੋਟੋ ਵੀ ਸਾਂਝੀ ਕੀਤੀ ਜਿਸ ਵਿੱਚ ਜੋਗਿੰਦਰ ਸਿੰਘ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਹ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵਿੱਚ ਘੁਟਾਲਾ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਣ ਅਤੇ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਨਾ ਦਿੱਤੇ ਜਾਣ ਕਾਰਨ ਕਾਂਗਰਸ ਤੋਂ ਨਾਰਾਜ਼ ਸਨ।