ਸਾਬਕਾ ਮੰਤਰੀ ਠੰਡਲ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਗੁਰਿੰਦਰ ਸਿੰਘ
ਲੁਧਿਆਣਾ, 5 ਜੂਨ
ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅਤੇ ਉਨ੍ਹਾਂ ਦੇ ਪੁੱਤਰ ਰਵਿੰਦਰ ਠੰਡਲ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਠੰਡਲ ਦਾ ਪਾਰਟੀ ’ਚ ਸਵਾਗਤ ਕੀਤਾ ਤੇ ਪਾਰਟੀ ਦੀ ਮੈਂਬਰਸ਼ਿਪ ਪਰਚੀ ਦੇ ਕੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸੋਹਣ ਸਿੰਘ ਠੰਡਲ ਕੁਝ ਸਮੇਂ ਲਈ ਡੈਪੂਟੇਸ਼ਨ ’ਤੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਮੁੜ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਹੋਰ ਵੀ ਕਈ ਆਗੂ ਮੁੜ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸ੍ਰੀ ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਕੁਝ ਕਾਰਨਾਂ ਕਰ ਕੇ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਕਾਲੀ ਦਲ ਦੀ ਲੋੜ ਹੈ ਕਿਉਂਕਿ ਦਿੱਲੀ ਦੇ ਕੁਝ ਲੋਕ ਸੂਬੇ ਨੂੰ ਲੁੱਟਣ ਲਈ ਇੱਥੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਡਿਊਟੀ ਸੌਂਪੇਗੀ, ਉਸ ਨੂੰ ਉਹ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਐੱਸ ਆਰ ਕਲੇਰ, ਗੁਰਚਰਨ ਸਿੰਘ ਗਰੇਵਾਲ, ਬਾਬਾ ਅਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਕਮਲ ਚੇਤਲੀ ਅਤੇ ਹਲਕਾ ਪੱਛਮੀ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੀ ਹਾਜ਼ਰ ਸਨ।