ਸੰਜੀਵ ਹਾਂਡਾ
ਫ਼ਿਰੋਜ਼ਪੁਰ, 13 ਜੂਨ
ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਈ। ਇਸ ਮੌਕੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜੂਦ ਸਨ। ਸਤਿਕਾਰ ਕੌਰ ਗਹਿਰੀ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ। ਸਾਬਕਾ ਵਿਧਾਇਕਾ ਗਹਿਰੀ ਨੇ ਲੋਕ ਸਭਾ ਹਲਕੇ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਵੀ ਮੌਜੂਦ ਸਨ। ਭਾਜਪਾ ਵਿੱਚ ਸ਼ਾਮਲ ਕਰਨ ਮਗਰੋਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਸ਼ਲ ਮੀਡੀਆ ’ਤੇ ਇੱਕ ਤਸਵੀਰ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਸਤਿਕਾਰ ਕੌਰ ਗਹਿਰੀ ਦੀ ਟਿਕਟ ਕੱਟ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਆਸ਼ੂ ਬਾਂਗੜ ਨੂੰ ਦਿੱਤੀ ਸੀ।