ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 19 ਅਗਸਤ
ਇੱਥੇ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਭਾਜਪਾ ਆਗੂ ਸੁਖਪਾਲ ਸਿੰਘ ਨੰਨੂ ਨੇ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਕੋਠੀ ’ਤੇ ਲੱਗਾ ਭਾਜਪਾ ਦਾ ਝੰਡਾ ਵੀ ਲਾਹ ਦਿੱਤਾ ਹੈ। ਹਾਲਾਂਕਿ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਆਈਆਂ।
ਸ੍ਰੀ ਨੰਨੂ ਫ਼ਿਰੋਜ਼ਪੁਰ ਸ਼ਹਿਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਮਾਲ ਵਿਭਾਗ ਦਾ ਪਾਰਲੀਮਾਨੀ ਸਕੱਤਰ ਵੀ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਭਾਜਪਾ ਕਿਸਾਨ ਮੋਰਚਾ ਸੈੱਲ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਦੋ ਦਿਨ ਪਹਿਲਾਂ ਭਾਜਪਾ ਹਾਈਕਮਾਨ ਨੂੰ ਲਿਖੇ ਪੱਤਰ ਵਿੱਚ ਸੁਖਪਾਲ ਸਿੰਘ ਨੰਨੂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਪੱਤਰ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਉਨ੍ਹਾਂ ਉੱਪਰ ਅਸਤੀਫ਼ਾ ਦੇਣ ਦਾ ਦਬਾਅ ਬਣਾ ਰਹੇ ਹਨ। ਸ੍ਰੀ ਨੰਨੂ ਨੇ ਕਿਹਾ ਕਿ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੇ ਰੌਂਅ ਵਿੱਚ ਨਜ਼ਰ ਨਹੀਂ ਆ ਰਹੀ ਜਿਸ ਕਾਰਨ ਉਹ ਇਸ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਨੰਨੂ ਦੇ ਪਿਤਾ ਮਰਹੂਮ ਗਿਰਧਾਰਾ ਸਿੰਘ ਇਸ ਹਲਕੇ ਤੋਂ 46 ਸਾਲ ਵਿਧਾਇਕ ਰਹਿ ਚੁੱਕੇ ਹਨ।
ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ
ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਹੋਰ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ ਤੇ ਨਾ ਸਮਝੌਤਾ ਨਹੀਂ ਕਰਨਗੇ।